ਭਾਜਪਾ ਦੀ ਜਿੱਤ ’ਤੇ ਪਟਿਆਲਾ ’ਚ ਜਸ਼ਨ
ਭਾਜਪਾ ਦੀ ਜਿੱਤ ’ਤੇ ਪਟਿਆਲਾ ’ਚ ਜਸ਼ਨ
Publish Date: Mon, 04 May 2026 06:15 PM (IST)
Updated Date: Mon, 04 May 2026 06:17 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੱਛਮੀ ਬੰਗਾਲ, ਪੁਡੂਚੇਰੀ ਤੇ ਅਸਾਮ ਵਿਚ ਭਾਰਤੀ ਜਨਤਾ ਪਾਰਟੀ ਦੀ ਹੈਟ੍ਰਿਕ ਦੀ ਖੁਸ਼ੀ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪਾਰਟੀ ਵਰਕਰਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ ਤੇ ਲੋਕਾਂ ਨੇ ਮੁੜ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ, ਪੁਡੂਚੇਰੀ ਤੇ ਅਸਾਮ ਵਿਚ ਪਾਰਟੀ ਦੀ ਇਹ ਜਿੱਤ ਇਤਿਹਾਸਕ ਹੈ ਅਤੇ ਇਹ ਦੇਸ਼ ਦੇ ਵਿਕਾਸ ਦੀ ਰਾਜਨੀਤੀ ਦੀ ਜਿੱਤ ਨੂੰ ਦਰਸਾਉਂਦੀ ਹੈ। ਜੈ ਇੰਦਰ ਕੌਰ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਮੌਜੂਦਾ ਹਾਲਤ ਤੋਂ ਦੁਖੀ ਹਨ ਅਤੇ ਹੁਣ ਉਹ ਸੂਬੇ ਦੀ ਤਰੱਕੀ ਲਈ ਇਕ ਸਹੀ ਬਦਲ ਲੱਭ ਰਹੇ ਹਨ। ਉਨ੍ਹਾਂ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਵਾਸੀ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ 2027 ਵਿਚ ਭਾਜਪਾ ਦੀ ਸਰਕਾਰ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਦੌਰਾਨ ਪੂਰਾ ਇਲਾਕਾ ਭਾਰਤੀ ਜਨਤਾ ਪਾਰਟੀ ਦੇ ਝੰਡਿਆਂ ਨਾਲ ਸਜਾਇਆ ਗਿਆ ਸੀ ਅਤੇ ਵਰਕਰਾਂ ਵੱਲੋਂ ਭਾਜਪਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਜਸ਼ਨ ਨੇ ਪਟਿਆਲਾ ਦੇ ਲੋਕਾਂ ਵਿਚ ਪਾਰਟੀ ਦੀਆਂ ਨੀਤੀਆਂ ਪ੍ਰਤੀ ਇੱਕ ਨਵੀਂ ਊਰਜਾ ਭਰ ਦਿੱਤੀ ਹੈ।