ਨਗਰ ਨਿਗਮ ਕਰਮਚਾਰੀਆਂ ਵੱਲੋਂ ਕੰਮ ਛੱਡੋ ਹੜਤਾਲ, ਕੀਤੀ ਰੋਸ ਰੈਲੀ
ਨਗਰ ਨਿਗਮ ਕਰਮਚਾਰੀਆਂ ਵੱਲੋਂ ਕੰਮ ਛੱਡੋ ਹੜਤਾਲ, ਕੀਤੀ ਰੋਸ ਰੈਲੀ
Publish Date: Wed, 06 May 2026 06:03 PM (IST)
Updated Date: Wed, 06 May 2026 06:05 PM (IST)

ਫੋਟੋ : 06ਪੀਟੀਐਲ : 23 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਦੇ ਸਮੁੱਚੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਚੌਥਾ ਦਰਜਾ ਕਰਮਚਾਰੀਆਂ ਵੱਲੋਂ ਸਵੇਰੇ ਕੰਮ ਛੱਡੋ ਹੜਤਾਲ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਇੱਕ ਵਿਸ਼ਾਲ ਰੋਸ ਰੈਲੀ ਕੱਢੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਜ਼ੋਰਦਾਰ ਮੰਗ ਕੀਤੀ। ਇਸ ਹੜਤਾਲ ਕਾਰਨ ਸ਼ਹਿਰ ਭਰ ਵਿਚ ਸਫ਼ਾਈ ਵਿਵਸਥਾ ਅਤੇ ਸੀਵਰੇਜ ਸੇਵਾਵਾਂ ਤੇ ਵੀ ਕਾਫ਼ੀ ਅਸਰ ਦੇਖਣ ਨੂੰ ਮਿਲਿਆ। ਇਸ ਰੋਸ ਰੈਲੀ ਦੀ ਅਗਵਾਈ ਕਲਾਸ ਫੋਰਥ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਨਗਰ ਨਿਗਮ ਦੇ ਪ੍ਰਧਾਨ ਬਾਬੂ ਰਾਮ ਬੱਬੂ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਕਰਮਚਾਰੀਆਂ ਨੇ ਸਰਕਾਰ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਕਰਮਚਾਰੀਆਂ ਨੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਵਧਾ ਕੇ 35,000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀਆਂ ਜਾਣ, ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿੱਚ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ। ਸਮੂਹ ਕੱਚੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਪੱਕਾ (ਰੈਗੂਲਰ) ਕੀਤਾ ਜਾਵੇ। ਸਰਕਾਰੀ ਸਕੂਲਾਂ ’ਚ ਤਾਇਨਾਤ ਸਫਾਈ ਸੇਵਕਾਂ ਨੂੰ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ ਅਤੇ 3000 ਰੁਪਏ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਚੌਂਕੀਦਾਰਾਂ ਨੂੰ ਵੀ ਪੱਕੇ ਤੌਰ ਤੇ ਨੌਕਰੀ ਤੇ ਰੱਖਿਆ ਜਾਵੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਸ਼ਿਵ ਚਰਨ, ਸੂਰਜ ਪਾਲ ਯਾਦਵ, ਹਾਕਮ ਸਿੰਘ, ਕੇਵਲ ਕ੍ਰਿਸ਼ਨ (ਕਲੈਰੀਕਲ ਯੂਨੀਅਨ), ਅਨਿਲ ਕੁਮਾਰ ਅਤੇ ਸੰਜੇ ਕਲਿਆਣ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।