ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਆਫੀਸਰਜ਼ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਆਫੀਸਰਜ਼ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Publish Date: Mon, 11 May 2026 04:23 PM (IST)
Updated Date: Mon, 11 May 2026 04:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਦੀ ਜਥੇਬੰਦੀ ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਆਫੀਸਰਜ਼ ਨੇ ਪੀਐੱਸਪੀਸੀਐੱਲ ਤੇ ਰਾਜ ਸਰਕਾਰ ਵਿਰੁੱਧ ਲਗਾਏ ਜਾ ਰਹੇ ਕਥਿਤ ਬੇਬੁਨਿਆਦ ਇਲਜ਼ਾਮਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਰਸਮੀ ਪੱਤਰ ਲਿਖ ਕੇ ਸੰਸਥਾ ਦੀ ਸਾਖ ਬਚਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਕਿਹਾ ਕਿ ਕੁਝ ਨਿਰਾਸ਼ਾਵਾਦੀ ਤੱਤਾਂ ਵੱਲੋਂ ਨਿੱਜੀ ਹਿੱਤਾਂ ਲਈ ਸੋਸ਼ਲ ਮੀਡੀਆ ਅਤੇ ਹੋਰ ਪਲੇਟਫਾਰਮਾਂ ਤੇ ਗੁੰਮਰਾਹਕੁੰਨ ਅਤੇ ਤੱਥਹੀਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਮਹਿਕਮੇ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰ ਵਿਚ ਹਵਾਲਾ ਦਿੱਤਾ ਗਿਆ ਹੈ ਕਿ ਪਹਿਲਾਂ ਵੀ ਡਾਇਰੈਕਟਰ ਕਮਰਸ਼ੀਅਲ ਦੀ ਨਿਯੁਕਤੀ ਦੌਰਾਨ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਗਈਆਂ ਸਨ। ਹੁਣ ਜਦੋਂ ਇੱਕ ਡਾਇਰੈਕਟਰ ਨੂੰ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ, ਤਾਂ ਉਸੇ ਧੜੇ ਵੱਲੋਂ 35 ਸਾਲਾਂ ਦਾ ਬੇਦਾਗ਼ ਤਜਰਬਾ ਰੱਖਣ ਵਾਲੇ ਇੰਜੀਨੀਅਰਾਂ ’ਤੇ ਚਿੱਕੜ ਉਛਾਲਿਆ ਜਾ ਰਿਹਾ ਹੈ। ਅਲਾਇੰਸ ਨੇ ਸਪੱਸ਼ਟ ਕੀਤਾ ਕਿ ਉਹ ਪਾਰਦਰਸ਼ਤਾ, ਅਨੁਸ਼ਾਸਨ ਅਤੇ ਮੈਰਿਟ ਦੇ ਆਧਾਰ ਤੇ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਵੱਲੋਂ ਲਏ ਗਏ ਫੈਸਲਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿਚ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਅਜਿਹਾ ਮਾੜਾ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਨਾ ਡਿੱਗੇ। ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਕੱਤਰ (ਬਿਜਲੀ) ਨੂੰ ਵੀ ਜਾਣਕਾਰੀ ਅਤੇ ਅਗਲੇਰੀ ਕਾਰਵਾਈ ਲਈ ਭੇਜੀਆਂ ਗਈਆਂ ਹਨ।