ਮਿਸਲ ਸਤਲੁਜ ਦੇ ਆਗੂਆਂ ਵੱਲੋਂ ਰਜਿਸਟਰਾਰ ਨੂੰ ਮੰਗ ਪੱਤਰ
ਅੰਗਰੇਜੀ ਭਾਸ਼ਾ ’ਚ ਸਿਹਤ ਕੇਂਦਰ ਦੇ ਕਾਰਡ, ਵਿਦਿਆਰਥੀਆਂ ਨੂੰ ਇਤਰਾਜ
Publish Date: Tue, 12 May 2026 04:18 PM (IST)
Updated Date: Tue, 12 May 2026 04:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਿਸਲ ਸਤਲੁਜ ਜਥੇਬੰਦੀ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਇਕਾਈ ਦੇ ਇੰਚਾਰਜ ਸਿਮਰਨਜੀਤ ਸਿੰਘ ਦੀ ਅਗਵਾਈ ਵਿਚ ਆਗੂਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਭਾਈ ਕਨ੍ਹੱਈਆ ਜੀ ਸਿਹਤ ਕੇਂਦਰ ਦੇ ਜਾਂਚ-ਕਾਰਡ ਅਤੇ ਹੋਰ ਦਫ਼ਤਰੀ ਦਸਤਾਵੇਜ਼ ਪੰਜਾਬੀ ਭਾਸ਼ਾ ਵਿਚ ਜਾਰੀ ਕਰਨ ਦੀ ਮੰਗ ਕੀਤੀ ਗਈ। ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਭਾਸ਼ਾ ਦੇ ਪਸਾਰ ਤੇ ਪ੍ਰਚਾਰ ਲਈ ਸਥਾਪਿਤ ਕੀਤੀ ਗਈ ਸੀ, ਪਰ ਯੂਨੀਵਰਸਿਟੀ ਦੇ ਕਈ ਕੰਮਾਂ ਵਿਚ ਪੰਜਾਬੀ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸਿਹਤ ਕੇਂਦਰ ਦੇ ਕਾਰਡ ਸਿਰਫ਼ ਅੰਗਰੇਜ਼ੀ ਵਿੱਚ ਬਣਾਉਣਾ ਯੂਨੀਵਰਸਿਟੀ ਦੇ ਮੂਲ ਉਦੇਸ਼ਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਬਹੁਤ ਸਾਰੇ ਵਿਦਿਆਰਥੀ ਪੰਜਾਬੀ ਮਾਧਿਅਮ ਨਾਲ ਜੁੜੇ ਹੋਏ ਹਨ ਅਤੇ ਪੰਜਾਬੀ ਵਿਚ ਦਸਤਾਵੇਜ਼ ਹੋਣ ਨਾਲ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਨਾਲ ਹੀ ਇਹ ਕਦਮ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਨਿਕ ਪੱਧਰ ’ਤੇ ਮਜ਼ਬੂਤ ਕਰਨ ਵੱਲ ਇਕ ਅਹਿਮ ਯੋਗਦਾਨ ਹੋਵੇਗਾ। ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਭਾਈ ਕਨ੍ਹਈਆ ਜੀ ਸਿਹਤ ਕੇਂਦਰ ਦੇ ਕਾਰਡ ਅਤੇ ਹੋਰ ਸਬੰਧਤ ਦਸਤਾਵੇਜ਼ ਤੁਰੰਤ ਪੰਜਾਬੀ ਵਿਚ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਾਰੇ ਦਫ਼ਤਰਾਂ, ਨੋਟਿਸਾਂ, ਫਾਰਮਾਂ, ਸਰਟੀਫਿਕੇਟਾਂ ਅਤੇ ਹੋਰ ਪ੍ਰਸ਼ਾਸਨਿਕ ਕਾਰਵਾਈ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਈ ਜਾਵੇ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਨਾ ਦਿੱਤਾ ਗਿਆ ਤਾਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਬੀਨੇਸ਼ ਸਿੰਘ,ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਗੁਰਕੀਰਤਨ ਸਿੰਘ ਵਿਦਿਆਰਥੀ ਆਗੂ ਮੌਜੂਦ ਸਨ।