ਸਾਬਕਾ ਕੌਂਸਲਰ ਸੁਖਪਾਲ ਸਿੰਘ ਆਮ ਆਦਮੀ ਪਾਰਟੀ ’ਚ ਸ਼ਾਮਲ
ਸਾਬਕਾ ਕੌਂਸਲਰ ਸੁਖਪਾਲ ਸਿੰਘ ਆਮ ਆਦਮੀ ਪਾਰਟੀ ’ਚ ਸ਼ਾਮਲ
Publish Date: Thu, 14 May 2026 05:34 PM (IST)
Updated Date: Fri, 15 May 2026 04:04 AM (IST)

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜਨ ਲੱਗੇ : ਬਾਜ਼ੀਗਰ ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ ਨਗਰ ਕੌਂਸਲ ਚੋਣਾਂ ਦੇ ਚਲਦਿਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 16 ਤੋਂ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਪਾਲ ਸਿੰਘ ਆਪਣੇ ਸਾਥੀਆਂ ਸਮੇਤ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਵਿੱਚ ਕੀਤੇ ਭਰਵੇਂ ਇਕੱਠ ਦੌਰਾਨ ਆਪ ਵਿੱਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਵਾਗਤ ਕਰਦਿਆਂ ਪਾਰਟੀ ਵਿੱਚ ਪੂਰੇ ਮਾਨ ਸਨਮਾਨ ਦਾ ਭਰੋਸਾ ਦਿੱਤਾ ਹੈ। ਸਾਬਕਾ ਕੌਂਸਲਰ ਸੁਖਪਾਲ ਸਿੰਘ ਨੂੰ ਆਪ ਵਿੱਚ ਸ਼ਾਮਲ ਕਰਾਉਣ ਦੌਰਾਨ ਜੁੜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਵਿਕਾਸ ਦੇ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ ਜਿਸ ਤੋਂ ਲੋਕ ਬੇਹੱਦ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪਿਆਰ ਕਰ ਰਹੇ ਹਨ। ਉਹਨਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਨਗਰ ਕੌਂਸਲ ਪਾਤੜਾਂ ਦੇ ਸਾਰੇ ਵਾਰਡਾਂ ’ਚ ‘ਆਪ’ ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰੇਗੀ। ਇਸ ਦੌਰਾਨ ਸਾਬਕਾ ਕੌਂਸਲਰ ਸੁਖਪਾਲ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨਾਂ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਥਿੰਦ, ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਨਗਰ ਪੰਚਾਇਤ ਪਾਤੜਾਂ ਦੇ ਸਾਬਕਾ ਪ੍ਰਧਾਨ ਰਣਵੀਰ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੋਲੀ, ਤੇਜਿੰਦਰ ਸਿੰਘ ਤੇਜੀ ਬੂਰੜ, ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਆਪ ਆਗੂ ਮੇਜਰ ਸਿੰਘ ਮਤੌਲੀ, ਕੁਲਦੀਪ ਸਿੰਘ ਬਿੱਟੂ ਬੰਦੇਸਾ, ਡਾ ਅਮਨ ਸ਼ਰਮਾ ਆਦਿ ਹਾਜ਼ਰ ਸਨ।