ਪੀਯੂ ਮੁਲਾਜ਼ਮਾਂ ਦੀ ਭੁੱਖ ਹੜਤਾਲ ਚੌਥੇ ਦਿਨ ’ਚ ਦਾਖ਼ਲ
ਪੀਯੂ ਮੁਲਾਜ਼ਮਾਂ ਦੀ ਲੜੀਵਾਰ ਭੁੱਖ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ
Publish Date: Thu, 14 May 2026 07:12 PM (IST)
Updated Date: Fri, 15 May 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਨਾਨ-ਟੀਚਿੰਗ ਕਰਮਚਾਰੀ ਸੰਘ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਦਿਨ-ਬ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। 29 ਅਪ੍ਰੈਲ ਤੋਂ ਸ਼ੁਰੂ ਹੋਇਆ ਇਹ ਧਰਨਾ ਅੱਜ 16ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ, ਜਦਕਿ ਲੜੀਵਾਰ ਭੁੱਖ ਹੜਤਾਲ ਅੱਜ ਚੌਥੇ ਦਿਨ ਵਿੱਚ ਪ੍ਰਵੇਸ਼ ਕਰ ਗਈ। ਅੱਜ ਦੀ ਭੁੱਖ ਹੜਤਾਲ ਦੀ ਸ਼ੁਰੂਆਤ ਮੁਲਾਜ਼ਮ ਸੰਘ ਦੇ ਜਨਰਲ ਸਕੱਤਰ ਜਗਤਾਰ ਸਿੰਘ ਸੈਣੀ ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਗਲ ’ਚ ਹਾਰ ਪਾ ਕੇ ਜਥੇਬੰਦੀ ਨੇ ਆਪਣਾ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਮੁਲਾਜ਼ਮਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਦੀ ਲਾਮਬੰਦੀ ਕਰਦਿਆਂ ਨਵਦੀਪ ਸਿੰਘ ਚਾਨੀ ਮੀਤ ਪ੍ਰਧਾਨ, ਸ਼ਰਨਦੀਪ ਕੌਰ ਸਹਾਇਕ ਸਕੱਤਰ, ਗੁਰਮੀਤ ਸਿੰਘ ਸਹੋਤਾ ਪ੍ਰਚਾਰ ਸਕੱਤਰ, ਮੋਹਨ ਪੰਜੋਲਾ, ਅਨਿਲ ਕੁਮਾਰ ਅਤੇ ਧਰਮਿੰਦਰ ਸਿੰਘ ਪੰਨੂ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੈਂਬਰ ਹਾਜ਼ਰ ਸਨ।