ਗੁਰਦੇਵ ਸਿੰਘ ਟਿਵਾਣਾ ਨੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਗੁਰਦੇਵ ਸਿੰਘ ਟਿਵਾਣਾ ਨੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ
Publish Date: Thu, 28 May 2026 05:15 PM (IST)
Updated Date: Fri, 29 May 2026 04:06 AM (IST)

ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ : ਕੈਬਨਿਟ ਮੰਤਰੀ ਸੌਂਦ, ਡਾ. ਬਲਬੀਰ ਸਿੰਘ, ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ- ਚੇਅਰਮੈਨ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ ਰੋਡ ‘ਤੇ ਸਥਿਤ ਜਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ। ਨਵੇਂ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ, ਬਰਿੰਦਰ ਗੋਇਲ ਅਤੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਗੁਰਦੇਵ ਟਿਵਾਣਾ ਨੇ ਕਿਹਾ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਭ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਮਣਾ ਤੋਂ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਦਫ਼ਤਰੀਵਾਲਾ ਤੋਂ ਮੈਂਬਰ ਬਿੰਦਰ ਕੌਰ ਦੀ ਵਾਇਸ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਸੀ।