ਨਿਰਭਓ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ
ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ
Publish Date: Tue, 28 Apr 2026 06:20 PM (IST)
Updated Date: Tue, 28 Apr 2026 06:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਚਹਿਰੀ ਕੰਪਲੈਕਸ ’ਚ ਪੌਦਾ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਇਸ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਥਾਰਟੀ ਦੀਆਂ ਸਕੀਮਾਂ ਤਹਿਤ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ 9 ਮਈ 2026 ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ’ਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ’ਚ ਦੀਵਾਨੀ, ਫ਼ੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ-ਪਾਣੀ ਦੇ ਬਿੱਲਾਂ ਅਤੇ ਘਰੇਲੂ ਝਗੜਿਆਂ ਸਬੰਧੀ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ’ਚ ਕੇਸ ਲਗਾਉਣ ਲਈ ਕੋਈ ਕੋਰਟ ਫ਼ੀਸ ਨਹੀਂ ਲੱਗਦੀ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਜੱਜ ਮੌਜੂਦ ਸਨ।