ਤੇਲ ਦੀਆਂ ਕੀਮਤਾਂ ’ਚ ਬੇਹਤਾਸ਼ਾ ਵਾਧਾ ਲੋਕਾਂ ’ਤੇ ਬੋਝ : ਨਿਆਲ
ਤੇਲ ਦੀਆਂ ਕੀਮਤਾਂ ’ਚ ਬੇਹਤਾਸ਼ਾ ਵਾਧਾ ਲੋਕਾਂ ਤੇ ਬੋਝ : ਪ੍ਰਹਲਾਦ ਨਿਆਲ
Publish Date: Tue, 19 May 2026 06:21 PM (IST)
Updated Date: Tue, 19 May 2026 06:22 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਅਦੇ ਦੇ ਵਿਰੋਧ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਾਤੜਾਂ ਪਟਿਆਲਾ ਮੁੱਖ ਮਾਰਗ ਤੇ ਨਿਆਲ ਬਾਈਪਾਸ ਚੌਂਕ ਵਿਖੇ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦੇ ਵਿਰੋਧ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ। ਪੁਤਲਾ ਫੂਕਣ ਤੋਂ ਪਹਿਲਾਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਆਰਐਮਪੀਆਈ ਆਗੂ ਸਰਪੰਚ ਪ੍ਰਹਲਾਦ ਸਿੰਘ ਨਿਆਲ ਨੇ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਜਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਜੰਗ ਦੇ ਬਹਾਨੇ ਲੋਕਾਂ ਉੱਤੇ ਵਾਧੂ ਬੋਝ ਪਾਇਆ ਗਿਆ ਹੈ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਪਹਿਲਾਂ ਤਾਂ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਪਰ ਚੋਣਾਂ ਲੰਘਦਿਆਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵਿੱਚ ਵਾਧਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕ ਹਿਤੈਸ਼ੀ ਨਹੀਂ ਸਗੋਂ ਲੋਕ ਮਾਰੂ ਹੈ। ਕਮਿਊਨਿਸਟ ਆਗੂਆਂ ਨੇ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਜ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੀਤੀਆਂ ਗਈਆਂ ਧੱਕੇਸ਼ਾਹੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਧੱਕੇਸ਼ਾਹੀ ਦੇ ਜ਼ੋਰ ਉੱਤੇ ਚੋਣਾਂ ਨੂੰ ਜਿੱਤਣਾ ਚਾਹੁੰਦੀ ਹੈ, ਨਾਮਜਦਗੀਆਂ ਵੇਲੇ ਕੀਤੀਆਂ ਗਈਆਂ ਧੱਕੇਸ਼ਾਹੀਆਂ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ। ਇਸ ਮੌਕੇ ਜ਼ਿਲ੍ਹਾ ਕਮੇਟੀ ਆਗੂ ਸੁਖਦੇਵ ਸਿੰਘ, ਮਲਕੀਤ ਸਿੰਘ ਨਿਆਲ, ਜੀਤ ਸਿੰਘ, ਸ਼ਾਦੀ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਰਾਜ ਕ੍ਰਿਸ਼ਨ ਪ੍ਰਧਾਨ ਬਲਵਿੰਦਰ ਕੌਰ, ਰਾਜਵੀਰ ਕੌਰ, ਰਿੰਪੀ ਕੌਰ, ਕਮਲਜੀਤ,, ਗੁਰਨਾਮ ਕੌਰ, ਪਰਮਜੀਤ ਕੌਰ, ਬਲਜੀਤ ਕੌਰ ਕਾਂਤਾ ਦੇਵੀ ਕਰਮਜੀਤ ਕੌਰ ਜਸਵਿੰਦਰ ਕੌਰ ਅਤੇ ਵੀਰਪਾਲ ਕੌਰ ਆਦਿ ਹਾਜ਼ਰ ਸਨ।