ਪਟਿਆਲਾ ਨੂੰ ਮਿਲਿਆ ਨਵਾਂ ਪ੍ਰਸ਼ਾਸਨਿਕ ਮੁਖੀ: IAS ਵਰਜੀਤ ਵਾਲੀਆ ਨੇ ਸੰਭਾਲੀ ਡਿਪਟੀ ਕਮਿਸ਼ਨਰ ਦੀ ਕੁਰਸੀ; ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਦਾ ਦਿੱਤਾ ਭਰੋਸਾ
ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਫੇਰਬਦਲ ਤਹਿਤ ਤਾਇਨਾਤ ਕੀਤੇ ਗਏ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ 'ਗਾਰਡ ਆਫ਼ ਆਨਰ' ਦੇ ਕੇ ਸਨਮਾਨਿਤ ਕੀਤਾ ਗਿਆ।
Publish Date: Thu, 22 Jan 2026 12:49 PM (IST)
Updated Date: Thu, 22 Jan 2026 01:00 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਫੇਰਬਦਲ ਤਹਿਤ ਤਾਇਨਾਤ ਕੀਤੇ ਗਏ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ 'ਗਾਰਡ ਆਫ਼ ਆਨਰ' ਦੇ ਕੇ ਸਨਮਾਨਿਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਜ਼ਿਲ੍ਹੇ ਵਿੱਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਨਿਸ਼ਚਿਤ ਸਮੇਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ। ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ 'ਤੇ ਸੁਣਨਾ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ। ਪਟਿਆਲਾ ਸ਼ਹਿਰ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਗਤੀ ਨੂੰ ਤੇਜ਼ ਕਰਨਾ ਤਰਜਿਹਾਂ ਹਨ।
ਨਵੇਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇੱਕ ਟੀਮ ਵਜੋਂ ਕੰਮ ਕਰੇਗਾ ਤਾਂ ਜੋ ਆਮ ਜਨਤਾ ਨੂੰ ਦਫ਼ਤਰਾਂ ਵਿੱਚ ਖੱਜਲ-ਖ਼ੁਆਰ ਨਾ ਹੋਣਾ ਪਵੇ। ਵਰਜੀਤ ਵਾਲੀਆ ਇਸ ਤੋਂ ਪਹਿਲਾਂ ਵੀ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਮਿਹਨਤੀ ਅਤੇ ਸੁਲਝੀ ਹੋਈ ਕਾਰਜਸ਼ੈਲੀ ਨੂੰ ਦੇਖਦੇ ਹੋਏ ਪਟਿਆਲਾ ਵਾਸੀਆਂ ਨੂੰ ਆਸ ਹੈ ਕਿ ਜ਼ਿਲ੍ਹੇ ਦੇ ਵਿਕਾਸ ਵਿੱਚ ਨਵੀਂ ਤੇਜ਼ੀ ਆਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਨੂੰ ਆਖਿਆ।