Patiala News : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਔਰਤ ਸਣੇ 3 ਖ਼ਿਲਾਫ਼ ਮਾਮਲਾ ਦਰਜ
ਸਾਥੀਆਂ ਨਾਲ ਨਸ਼ਾ ਕਰਦੇ ਸਮੇਂ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰਨ ਕਾਰਨ ਪਿੰਡ ਮਰੌੜੀ ਵਿਖੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
Publish Date: Sat, 23 May 2026 06:55 PM (IST)
Updated Date: Sat, 23 May 2026 06:58 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਾਥੀਆਂ ਨਾਲ ਨਸ਼ਾ ਕਰਦੇ ਸਮੇਂ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰਨ ਕਾਰਨ ਪਿੰਡ ਮਰੌੜੀ ਵਿਖੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਦਰ ਪੁਲਿਸ ਨੇ ਮ੍ਰਿਤਕ ਦੇ ਸਾਥੀਆਂ ਅਤੇ ਘਰ ਦੀ ਮਾਲਕਣ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਮਵੀ ਕਲਾਂ ਪੁਲਿਸ ਚੌਕੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਲਿੰਦਰ ਸਿੰਘ (23) ਦੀ ਭੈਣ ਕਰਮਜੀਤ ਕੌਰ ਨਿਵਾਸੀ ਪਿੰਡ ਮਰੌੜੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਬੀਤੇ ਦਿਨ ਉਸ ਦਾ ਭਰਾ ਆਪਣੇ ਦੋਸਤ ਮਨਜੀਤ ਸਿੰਘ ਦੇ ਘਰ ਬਾਕੀ ਸਾਥੀਆਂ ਨਾਲ ਬੈਠਾ ਨਸ਼ਾ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਤਬੀਅਤ ਵਿਗੜ ਗਈ। ਉਹ ਬੇਸੁੱਧ ਹੋ ਕੇ ਉੱਥੇ ਹੀ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਉਸ ਦੀ ਭੈਣ ਨੇ ਖਦਸ਼ਾ ਜਤਾਇਆ ਹੈ ਕਿ ਉਸ ਦੇ ਭਰਾ ਨੂੰ ਕੋਈ ਨਸ਼ੀਲੀ ਚੀਜ਼ ਖਵਾਈ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋਈ।
ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮ੍ਰਿਤਕ ਦੇ ਸਾਥੀ ਮਲਕੀਅਤ ਸਿੰਘ, ਮਨਜੀਤ ਸਿੰਘ ਅਤੇ ਉਸ ਦੀ ਮਾਂ ਨੀਲਮ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਦਕਿ ਪੋਸਟਮਾਰਟਮ ਤੋਂ ਬਾਅਦ ਨੌਜਵਾਨ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।