ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਤੰਗ: ਨਾਗਰਾ
ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਤੰਗ: ਨਾਗਰਾ
Publish Date: Thu, 30 Apr 2026 06:07 PM (IST)
Updated Date: Thu, 30 Apr 2026 06:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਭਗੜਾਣਾ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਝੂਠੇ ਦਾਅਵੇ ਅਤੇ ਪ੍ਰਚਾਰ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਅਜੇ ਵੀ ਕਾਗਜ਼ਾਂ ਤੱਕ ਸੀਮਿਤ ਹਨ, ਜਦਕਿ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਨੇ ਆਖਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਮਨਰੇਗਾ ਵਰਗੀਆਂ ਯੋਜਨਾਵਾਂ ਵੀ ਢੰਗ ਨਾਲ ਨਹੀਂ ਚੱਲ ਰਹੀਆਂ। ਲੋਕਾਂ ਨੂੰ ਕੰਮ ਨਹੀਂ ਮਿਲ ਰਿਹਾ ਅਤੇ ਸਰਕਾਰ ਖਾਮੋਸ਼ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਮੁੱਦੇ ’ਤੇ ਵੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਚਪੇਟ ਵਿਚ ਆ ਰਹੀ ਹੈ, ਪਰ ਸਰਕਾਰ ਕੋਲ ਇਸ ਨੂੰ ਰੋਕਣ ਲਈ ਕੋਈ ਢੁਕਵਾਂ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਨਾਮ ’ਤੇ ਕੋਈ ਵੱਡਾ ਪ੍ਰੋਜੈਕਟ ਨਹੀਂ ਲਿਆਂਦਾ ਗਿਆ ਅਤੇ ਜਿਹੜੇ ਕੰਮ ਪਹਿਲਾਂ ਸ਼ੁਰੂ ਹੋਏ ਸਨ, ਉਹ ਵੀ ਅਧੂਰੇ ਪਏ ਹਨ। ਇਸ ਨਾਲ ਸੂਬੇ ਦੀ ਆਰਥਿਕਤਾ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਲੜਦੀ ਰਹੇਗੀ। ਉਨ੍ਹਾਂ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਤਿਆਰ ਰਹਿਣ ਅਤੇ ਘਰ-ਘਰ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਬਲਾਕ ਸੰਮਤੀ ਮੈਂਬਰ ਦਵਿੰਦਰ ਕੌਰ ਭਗੜਾਣਾ, ਭਾਗ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਪੰਚ, ਮੇਜਰ ਸਿੰਘ, ਗਰਜੰਟ ਸਿੰਘ, ਸੱਜਣ ਸਿੰਘ, ਨਾਹਰ ਸਿੰਘ, ਨੈਬ ਸਿੰਘ, ਭਰਪੂਰ ਸਿੰਘ ਆਦਿ ਮੌਜੂਦ ਸਨ।