ਪ੍ਰਧਾਨ ਮੰਤਰੀ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰਨ ਲੱਗੇ : ਆਗੂ
ਪ੍ਰਧਾਨ ਮੰਤਰੀ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰਨ ਲੱਗੇ : ਆਗੂ
Publish Date: Fri, 15 May 2026 04:09 PM (IST)
Updated Date: Sat, 16 May 2026 04:00 AM (IST)

ਮੋਦੀ ਦੇ ਗਲਤ ਫੈਸਲਿਆਂ ਨਾਲ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਹੋਇਆ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਸੋਨਾ ਨਾ ਖਰੀਦਣ, ਵਿਦੇਸ਼ ਯਾਤਰਾ ਘੱਟ ਕਰਨ ਅਤੇ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਵਰਤੋਂ ਘਟਾਉਣ ਸਬੰਧੀ ਦਿੱਤੇ ਬਿਆਨਾਂ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਸਲੇ ’ਤੇ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਮਹਿੰਗਾਈ ਤੇ ਬੇਰੁਜ਼ਗਾਰੀ ਨਾਲ ਲੋਕ ਪਰੇਸ਼ਾਨ : ਗੁਰਮੇਲ ਮੌ਼ੜ ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਕੋਆਰਡੀਨੇਟਰ ਅਤੇ ਪੀਪੀਸੀਸੀ ਮੈਂਬਰ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਦੇਸ਼ ਵਿੱਚ ਪਹਿਲਾਂ ਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਨਾ ਕਿ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਘਟਾਉਣ ਲਈ ਮਜਬੂਰ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਗਲਤ ਫੈਸਲਿਆਂ ਨਾਲ ਆਰਥਿਕਤਾ ਨੂੰ ਨੁਕਸਾਨ : ਬਨੀ ਖੈਰਾ ਨੌਜਵਾਨ ਕਾਂਗਰਸੀ ਆਗੂ ਬਨੀ ਖੈਰਾ ਨੇ ਕਿਹਾ ਕਿ ਪਹਿਲਾਂ ਨੋਟਬੰਦੀ ਅਤੇ ਫਿਰ ਕੋਰੋਨਾ ਦੌਰਾਨ ਲਏ ਗਏ ਗਲਤ ਫੈਸਲਿਆਂ ਨੇ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸੋਨਾ ਨਾ ਖਰੀਦਣ ਅਤੇ ਪੈਟਰੋਲ ਦੀ ਵਰਤੋਂ ਘਟਾਉਣ ਦੀ ਸਲਾਹ ਦੇ ਕੇ ਸਰਕਾਰ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਹਿੰਗੀ ਗੈਸ ਤੇ ਤੇਲ ਨਾਲ ਲੋਕ ਦੁਖੀ : ਕਮਲਜੀਤ ਚੱਕ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਜਦੋਂ ਉਜਵਲਾ ਯੋਜਨਾ ਤਹਿਤ ਹਰ ਘਰ ਐਲਪੀਜੀ ਸਿਲੰਡਰ ਦੇਣ ਦੇ ਵਾਅਦੇ ਕੀਤੇ ਗਏ ਸਨ, ਉਸ ਸਮੇਂ ਸਰਕਾਰ ਨੇ ਭਵਿੱਖ ਦੇ ਹਾਲਾਤਾਂ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਲੋਕ ਮਹਿੰਗੀ ਗੈਸ ਅਤੇ ਤੇਲ ਦੀਆਂ ਕੀਮਤਾਂ ਕਾਰਨ ਪਰੇਸ਼ਾਨ ਹਨ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੀ ਹੈ। ਵਿਦੇਸ਼ੀ ਨੀਤੀ ਰਹੀ ਨਾਕਾਮ : ਅਮਨਦੀਪ ਬਧੇਸਾ ਅਮਨਦੀਪ ਸਿੰਘ ਬਧੇਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਵੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਦਾ ਨੁਕਸਾਨ ਹੁਣ ਦੇਸ਼ ਦੇ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਤੰਤਰਿਕ ਢੰਗ ਨਾਲ ਇਸਦਾ ਜਵਾਬ ਦਿੱਤਾ ਜਾਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਲੋਕਾਂ ਨੂੰ ਕੁਰਬਾਨੀਆਂ ਦੇਣ ਲਈ ਮਜਬੂਰ ਕਰਨਾ ਚਾਹੀਦਾ ਹੈ।