ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ
Publish Date: Wed, 08 Apr 2026 05:21 PM (IST)
Updated Date: Wed, 08 Apr 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ਲਿਆਉਣ ਜਾ ਰਹੀ, ਪ੍ਰੰਤੂ ਏਸੇ ਪੰਜਾਬ ਵਿਧਾਨ ਸਭਾ ਵੱਲੋਂ ਪਹਿਲਾਂ ਵੀ ਦੋ ਵਾਰ ਅਜਿਹਾ ਹੀ ਬਿੱਲ ਪਾਸ ਕੀਤਾ ਜਾ ਚੁੱਕਾ ਹੈ, ਜਿਸ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਦੇਸ਼ ਦੇ ਰਾਸ਼ਟਰਪਤੀ ਵੱਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਉਹ ਦੋਵੇਂ ਪ੍ਰਸਤਾਵਿਤ ਬਿੱਲ ਕਾਨੂੰਨ ਨਹੀਂ ਬਣ ਸਕੇ। ਸਾਬਕਾ ਪ੍ਰਧਾਨ ਨੇ ਸੁਝਾਅ ਦਿੰਦਿਆਂ ਆਖਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਆਲ ਇੰਡੀਆ ਗੁਰਦੁਆਰਾ ਐਕਟ ਦਾ ਬਿੱਲ ਪਾਸ ਕਰਕੇ ਕੇਂਦਰ ਨੂੰ ਨਵਾਂ ਕਨੂੰਨ ਪਾਸ ਕਰਨ ਲਈ ਭੇਜਿਆ ਜਾਵੇ ਤਾਂ ਕਿ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਅਸਲ ਵਿਚ ਚਿਰਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਿੱਖ ਗੁਰਦੁਆਰਾ ਐਕਟ 1925 ਦੀ ਥਾਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕਰਦੀ ਆ ਰਹੀ ਹੈ। ਪਰੰਤੂ ਇਹ ਬਦਕਿਸਮਤੀ ਹੀ ਹੈ ਅਜਿਹਾ ਕਰਨ ਦੀ ਥਾਂ ਦਿੱਲੀ ਅਤੇ ਹਰਿਆਣਾ ਦੇ ਵੱਖਰੇ ਵੱਖਰੇ ਗੁਰਦੁਆਰਾ ਐਕਟ ਬਣਾਕੇ ਸਿੱਖਾਂ ਦੀ ਚਿਰੋਕਣੀ ਮੰਗ ਨੂੰ ਤਹਿਸ ਨਹਿਸ ਕਰ ਦਿਤਾ ਗਿਆ ਹੈ।