ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਪੂਰਾ ਨਹੀਂ ਹੋਇਆ : ਪ੍ਰੋ. ਚੰਦੂਮਾਜਰਾ
ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਅਜੇ ਵੀ ਪੂਰਾ ਨਾ ਹੋਇਆ: ਪ੍ਰੋ ਚੰਦੂਮਾਜਰਾ
Publish Date: Sat, 21 Feb 2026 07:34 PM (IST)
Updated Date: Sat, 21 Feb 2026 07:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੀਤਾ ਗਿਆ ਵਾਅਦਾ ਹਾਲੇ ਤਕ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਸਿੱਖ ਕੌਮ ਵਿੱਚ ਗਹਿਰੀ ਨਿਰਾਸ਼ਾ ਅਤੇ ਗੁੱਸੇ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ ਕਾਨੂੰਨੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮੁਲਾਕਾਤ ਦੀ ਇਜਾਜ਼ਤ ਨਾ ਦੇਣਾ ਕੇਂਦਰ ਸਰਕਾਰ ਦੀ ਸਿੱਖਾਂ ਪ੍ਰਤੀ ਦੂਹਰੀ ਨੀਤੀ ਨੂੰ ਦਰਸਾਉਂਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਬਾਰੇ ਕੀਤਾ ਗਿਆ ਐਲਾਨ ਵੀ ਹਾਲੇ ਤਕ ਅਮਲ ਵਿੱਚ ਨਹੀਂ ਆਇਆ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਬੇਇਤਬਾਰੀ ਅਤੇ ਬੇਗਾਨਗੀ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੇ ਮਸਲੇ ਨੂੰ ਮਨੁੱਖੀ ਪੱਖ ਤੋਂ ਵੇਖਦੇ ਹੋਏ ਜਲਦੀ ਤੋਂ ਜਲਦੀ ਢੁੱਕਵਾਂ ਫੈਸਲਾ ਕੀਤਾ ਜਾਵੇ ਅਤੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਾਇਆ ਜਾਵੇ।