ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ : ਚੌਹਾਨ
ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ : ਚੌਹਾਨ
Publish Date: Fri, 01 May 2026 05:53 PM (IST)
Updated Date: Fri, 01 May 2026 05:56 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ। ਇਸ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਨੇ ਟਿਵਾਣਾ ਫੀਡ ਫੈਕਟਰੀ ਦੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਦਿਵਸ ਮਿਹਨਤਕਸ਼ ਵਰਗ ਦੇ ਸਮਰਪਣ ਤੇ ਸਮਾਜ ਦੇ ਵਿਕਾਸ ’ਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਉਚਿਤ ਮਜ਼ਦੂਰੀ, ਸੁਰੱਖਿਆ ਤੇ ਸਨਮਾਨ ਮਿਲਣਾ ਚਾਹੀਦਾ ਹੈ। ਅਸ਼ੋਕ ਕੁਮਾਰ ਚੌਹਾਨ ਨੇ ਸਪਸ਼ਟ ਕੀਤਾ ਕਿ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਕਾਨੂੰਨੀ ਤੌਰ ’ਤੇ ਗ਼ਲਤ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਈ-ਸ਼ਰਮ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ। ਇਸੇ ਦੌਰਾਨ ਗੁਰਦੀਪ ਸਿੰਘ ਬਿੰਬਰਾ, ਪਰਵੀਨ ਕੌਰ, ਸਰਤਾਜ ਸਿੰਘ ਸੋਢੀ ਅਤੇ ਚਰਨਪ੍ਰੀਤ ਸਿੰਘ ਲੀਗਲ ਏਡ ਡਿਫੈਂਸ ਕਾਊਂਸਲ ਨੇ ਲੇਬਰ ਚੌਂਕ ਸਰਹਿੰਦ, ਟਰੱਕ ਯੂਨੀਅਨ ਸਰਹਿੰਦ ਅਤੇ ਕੋਕਾ ਕੋਲਾ ਫੈਕਟਰੀ ਸਾਧੂਗੜ੍ਹ ਵਿਖੇ ਸੈਮੀਨਾਰ ਕੀਤੇ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕਾਮਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।