ਬਿਜਲੀ ਕਾਮਿਆਂ ਵੱਲੋਂ ਸੰਘਰਸ਼ ਦਾ ਐਲਾਨ
ਬਿਜਲੀ ਕਾਮਿਆਂ ਵੱਲੋਂ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ 20 ਮਈ ਤੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
Publish Date: Tue, 11 May 2021 06:56 PM (IST)
Updated Date: Tue, 11 May 2021 06:56 PM (IST)

ਪੱਤਰ ਪੇ੍ਰਰਕ, ਪਟਿਆਲਾ : ਬਿਜਲੀ ਕਾਮਿਆਂ ਵੱਲੋਂ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ 20 ਮਈ ਤੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਅਨੁਸਾਰ 20, 21 ਮਈ ਤੋਂ ਪੰਜਾਬ ਦੇ ਸਮੁੱਚੇ ਉਪ ਮੰਡਲ ਅਤੇ ਮੰਡਲ ਦਫਤਰਾਂ ਅੱਗੇ ਬਿਜਲੀ ਕਾਮੇ ਕਾਲੇ ਬਿੱਲੇ ਲਾ ਕੇ ਰੋਸ ਰੈਲੀਆਂ ਕਰਨਗੇ ਅਤੇ 24 ਮਈ ਤੋਂ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੇ ਸਮੂਹ ਡਾਇਰੈਕਟਰਜ਼ ਅਤੇ ਚੇਅਰਮੈਨ ਦੇ ਫੀਲਡ 'ਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ ਅਤੇ ਸਮੁੱਚੇ ਪੰਜਾਬ ਵਿਚ ਬਿਜਲੀ ਕਾਮੇ ਵਰਕ-ਟੂ-ਰੂਲ ਅਨੁਸਾਰ ਡਿਊਟੀਆਂ ਨਿਭਾਉਣਗੇ। ਇਹ ਫੈਸਲਾ ਜੁਆਇੰਟ ਫੋਰਮ ਦੀ ਹੰਗਾਮੀ ਮੀਟਿੰਗ 'ਚ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜੁਆਇੰਟ ਫੋਰਮ ਦੇ ਸੂਬਾਈ ਆਗੂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਕੌਰ ਸਿੰਘ ਸੋਹੀ, ਬਿ੍ਜ ਲਾਲ, ਹਰਜਿੰਦਰ ਸਿੰਘ ਦੁਪਾਲਾ, ਬਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ, ਜਗਜੀਤ ਸਿੰਘ, ਪ੍ਰਰੀਤਮ ਸਿੰਘ ਪਿੰਡੀ, ਸਿਕੰਦਰ ਨਾਥ, ਅਵਤਾਰ ਸਿੰਘ ਕੈਂਥ, ਅਸ਼ੋਕ ਕੁਮਾਰ, ਕਰਮਚੰਦ ਖੰਨਾ, ਰਾਮ ਲੁਭਾਇਆ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਦੁੰਮਨਾ, ਰਵੇਲ ਸਿੰਘ ਸਹਾਏਪੁਰ, ਕਮਲਜੀਤ ਸਿੰਘ, ਨਛੱਤਰ ਸਿੰਘ ਅਤੇ ਗੁਰਦਿੱਤ ਸਿੰਘ ਸੰਧੂ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਅਤੇ ਟਾਲ ਮਟੋਲ ਦੀਆਂ ਨੀਤੀਆਂ ਵਿਰੁੱਧ ਸਖਤ ਰੋਸ ਪਾਇਆ ਜਾ ਰਿਹਾ ਹੈ। ਪਾਵਰ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਰੋ ਰਹੀ ਹੈ, ਜੁਆਇੰਟ ਫੋਰਮ ਨਾਲ ਵਾਰ-ਵਾਰ ਸਮਝੌਤੇ ਕਰਕੇ ਲਾਗੂ ਕਰਨ ਤੋਂ ਮੁਨਕਰ ਹੋ ਰਹੀ ਹੈ, ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਉਨ੍ਹਾਂ ਦੀ ਬੇਸ਼ਕੀਮਤੀ ਜਮੀਨ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ, ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਪੁਨਰ ਉਸਾਰੀ ਦੇ ਨਾਂ 'ਤੇ ਹਜ਼ਾਰਾਂ ਮਨਜ਼ੂਰਸ਼ੁਦਾ ਅਸਾਮੀਆਂ ਖਤਮ ਕਰ ਰਹੀਆਂ ਹਨ, ਕੱਚੇ ਮੁਲਾਜ਼ਮ ਪੱਕੇ ਕਰਨ ਦੀ ਥਾਂ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਣ ਲਈ ਹਦਾਇਤਾਂ ਜਾਰੀ ਕਰ ਰਹੀ ਹੈ, ਮੁਲਾਜ਼ਮਾਂ ਦਾ ਪਰਖ ਕਾਲ ਸਮਾਂ ਘਟਾਉਣ ਦੀ ਥਾਂ ਵਧਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰ ਮੈਨੇਜਮੈਂਟ ਨੇ ਜਲਦੀ ਜਥੇਬੰਦੀ ਨੂੰ ਮੀਟਿੰਗ ਦੇ ਮਸਲੇ ਹੱਲ ਨਾ ਕੀਤੇ ਤਾਂ ਉਹ ਸੰਘਰਸ਼ ਹੋਰ ਤੇਜ ਕਰਨ ਲਈ ਮਜਬੂਰ ਹੋਣਗੇ।