ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ
ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ
Publish Date: Tue, 06 Jan 2026 05:54 PM (IST)
Updated Date: Wed, 07 Jan 2026 04:03 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਮੰਗਲਵਾਰ ਨੂੰ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਮੂਨਕ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਸਵੀਰ ਕੌਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਨਰੰਜਣ ਸਿੰਘ ਚੌਨਾਗਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਵਿਕਸਤ ਭਾਰਤ ਜੀ ਰਾਮ ਜੀ ਲਿਆ ਕੇ ਮਨਰੇਗਾ ਦਾ ਭਗਵਾਂਕਰਨ ਕਰ ਕੇ ਕੇਂਦਰੀ ਬਜਟ ਤੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾ ਕੇ 60 ਫੀਸਦੀ ਕਰਨ ਅਤੇ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ 2 ਮਹੀਨੇ ਕੰਮ ਬੰਦ ਕਰਨ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਹੋਏ ਕਿਹਾ ਕਿ ਇਸ ਨਾਲ ਮਜ਼ਦੂਰਾਂ ਦੇ ਘਰਾਂ ਦੇ ਚੁੱਲਿਆਂ ਦੀ ਅੱਗ ਨੂੰ ਠੰਢਾ ਕਰਨਾ ਚਹੁੰਦੇ ਹਨ। ਕਿਉਂਕਿ ਹਰੀ ਕ੍ਰਾਂਤੀ ਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਮਜ਼ਦੂਰ ਪਹਿਲਾਂ ਹੀ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਦੀ ਕਿਰਤ ਦੀ ਲੁੱਟ ਕਰਵਉਣ ਤੇ ਸਰਮਾਏਦਾਰਾਂ ਕਾਰਪੋਰੇਟ ਘਰਾਣਿਆਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਨੇ ਵੀ ਵਿਕਸਤ ਭਾਰਤ ਜੀ ਰਾਮ ਜੀ ਖ਼ਿਲਾਫ਼ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾ ਨੂੰ ਖ਼ਤਮ ਕਰ ਕੇ ਲਿਆਂਦੇ ਨਵੇਂ 4 ਕੋਡਾ ਨੂੰ ਪੰਜਾਬ ਵਿਚ ਲਾਗੂ ਕਰ ਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦਾ ਰਾਹ ਪੱਧਰਾ ਕਰ ਕੇ ਆਪਣਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਕੀਤਾ ਹੈ ਇਸ ਮੌਕੇ ਜੋਗਿੰਦਰ ਸਿੰਘ ਬੰਧਨ, ਬਿੱਟੂ ਸਿੰਘ ਖੋਖਰ, ਗੋਪੀ ਸਿੰਘ ਗਿਰ ,ਬਲਜੀਤ ਸਿੰਘ ਨਮੋਲ, ਰਮਨ ਕੁਮਾਰ ਮਲੋਟ, ਜਸਮੇਲ ਕੌਰ ਮੌਜੂਦ ਸਨ। ਅੱਜ ਦੇ ਇਕੱਠ ਨੇ ਮਜ਼ਦੂਰ ਆਗੂ ਮੁਕੇਸ਼ ਮਲੋਦ ਨੂੰ ਤੁਰੰਤ ਰਿਹਾਅ ਕਰਨ ਅਤੇ ਪੱਤਰਕਾਰਾਂ ਤੇ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਗਈ।