ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ’ਚ ਰੋਸ ਮਾਰਚ
ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ’ਚ ਰੋਸ ਮਾਰਚ, ਕਰਨੈਲ ਸਿੰਘ ਪੰਜੋਲੀ ਸਮੇਤ 101 ਸਿੰਘ ਗ੍ਰਿਫ਼ਤਾਰ
Publish Date: Thu, 07 May 2026 08:29 PM (IST)
Updated Date: Fri, 08 May 2026 04:18 AM (IST)

ਕਰਨੈਲ ਸਿੰਘ ਪੰਜੋਲੀ ਸਮੇਤ 101 ਸਿੰਘ ਗ੍ਰਿਫ਼ਤਾਰ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕਾਲੇ ਚੋਲੇ ਪਾ ਕੇ ਅਤੇ ਜ਼ੰਜੀਰਾਂ ’ਚ ਜਕੜ ਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਕੱਢਿਆ ਗਿਆ। ਮਾਰਚ ਦੀ ਆਰੰਭਤਾ ਵੇਲੇ ਕਰਨੈਲ ਸਿੰਘ ਪੰਜੋਲੀ ਨੇ ਅਰਦਾਸ ਕੀਤੀ। ਜਿਉਂ ਹੀ ਮਾਰਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਾ ਅੱਗੇ ਵਧਿਆ ਤਾਂ ਗੁਰਦੁਆਰਾ ਸਾਹਿਬ ਦੇ ਬਾਹਰ ਤਾਇਨਾਤ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਜਥੇ ਨੂੰ ਰੋਕ ਲਿਆ ਗਿਆ। ਪੰਜੋਲੀ ਨੇ ਦੱਸਿਆ ਕਿ ਜਥੇ ਦੇ ਆਗੂ ਗੁਰਚਰਨ ਸਿੰਘ ਹਵਾਰਾ ਨੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜੰਤਰ-ਮੰਤਰ ਤੱਕ ਜਾਣ ਦਿੱਤਾ ਜਾਵੇ ਕਿਉਂਕਿ ਰੋਸ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਹੈ, ਪਰ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਜਥੇ ਦੇ 101 ਸਿੰਘਾਂ ਨੂੰ ਗ੍ਰਿਫ਼ਤਾਰ ਕਰ ਕੇ ਦਿੱਲੀ ਦੇ ਦੂਰ-ਦੁਰਾਡੇ ਥਾਣਿਆਂ ’ਚ ਬੰਦ ਕਰ ਦਿੱਤਾ। ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਪਿਛਲੇ 35 ਸਾਲਾਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੰਘਾਂ ਨੂੰ ਨਾ ਤਾਂ ਸਰਕਾਰ ਰਿਹਾਅ ਕਰ ਰਹੀ ਹੈ ਅਤੇ ਨਾ ਹੀ ਅਦਾਲਤਾਂ ਵੱਲੋਂ ਕੋਈ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਸੈਸ਼ਨ ’ਚ ਸ਼ਾਮਲ ਹੋਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦੀ ਹੀ ਸੰਘਰਸ਼ ਦਾ ਅਗਲਾ ਪੜਾਅ ਸ਼ੁਰੂ ਕਰੇਗਾ। ਇਸ ਮਾਰਚ ’ਚ ਗੁਰਦੀਪ ਸਿੰਘ ਬਠਿੰਡਾ, ਪਾਲ ਸਿੰਘ ਫਰਾਸ, ਸਤਵਿੰਦਰ ਸਿੰਘ ਟੌਹੜਾ, ਹਰਵਿੰਦਰ ਸਿੰਘ ਭੰਗੂ, ਕੁਲਵਿੰਦਰ ਕਾਲਾ ਝਾੜ ਸਾਹਿਬ, ਬਲਵਿੰਦਰ ਸਿੰਘ, ਅਮਰੀਕ ਸਿੰਘ ਰੋਮੀ, ਅਮਰਜੀਤ ਸਿੰਘ ਬਡਗੁੱਜਰਾ, ਸਰਬਜੀਤ ਸਿੰਘ ਬਿੱਲਾ, ਲਵਪ੍ਰੀਤ ਸਿੰਘ ਪੰਜੋਲੀ, ਨਵਪ੍ਰੀਤ ਸਿੰਘ ਪੰਜੋਲੀ ਤੇ ਹਰਵਿੰਦਰ ਸਿੰਘ ਪਟਿਆਲਾ ਸ਼ਾਮਲ ਹੋਏ