ਮੁੱਖ ਮੰਤਰੀ ਦੀ ਅਰਥੀ ਸਾੜ ਕੇ ਪੁਰਾਣੀ ਪੈਨਸ਼ਨ ਮੰਗ ਨੂੰ ਲੈ ਕੇ ਪ੍ਰਦਰਸ਼ਨ
ਮੁੱਖ ਮੰਤਰੀ ਦੀ ਅਰਥੀ ਸਾੜ ਕੇ ਪੁਰਾਣੀ ਪੈਨਸ਼ਨ ਮੰਗ ਨੂੰ ਲੈ ਕੇ ਪ੍ਰਦਰਸ਼ਨ
Publish Date: Thu, 19 Feb 2026 06:06 PM (IST)
Updated Date: Thu, 19 Feb 2026 06:09 PM (IST)

ਫ਼ਾਈਲ : 11- ਸੀਪੀਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਮੁੱਖ ਮੰਤਰੀ ਪੰਜਾਬ ਦੀ ਅਰਥੀ ਫੂਕਦੇ ਹੋਏ। ਸਟਾਫ਼ ਰਿਪੋਰਟਰ,• ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵੀਰਵਾਰ ਨੂੰ ਸੀਪੀਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਫਤਹਿਗੜ੍ਹ ਸਾਹਿਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫੂਕ ਕੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਤੇਜ਼ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਹਰਗਣਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਪੀਐੱਸਐੱਮਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ਤੋਂ ਪੂਰੀ ਤਰ੍ਹਾਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਜਥੇਬੰਦੀਆਂ ਵੱਲੋਂ ਦਬਾਅ ਪਾਉਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਸਬੰਧੀ ਪੂਰਨ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਜਥੇਬੰਦੀਆਂ ਵੱਲੋਂ ਤਿਆਰ ਕੀਤੀ ਸੰਘਰਸ਼ ਰੂਪਰੇਖਾ ਨੂੰ ਅੱਗੇ ਵਧਾਉਂਦੇ ਹੋਏ ਅੱਜ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਆਗੂਆਂ ਨੇ ਸਾਫ਼ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਰਕਾਰ ਨੇ ਮੰਗਾਂ ਪ੍ਰਤੀ ਗੰਭੀਰਤਾ ਨਾ ਵਿਖਾਈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਅਤੇ ਡੀਏ ਦੇ ਬਕਾਏ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਜ਼ੋਰਦਾਰ ਅੰਦੋਲਨ ਦੀ ਰੂਪਰੇਖਾ ਤਿਆਰ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ 2027 ਵਿਚ ਉਹੀ ਪਾਰਟੀ ਸਰਕਾਰ ਬਣਾ ਸਕੇਗੀ ਜੋ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪੂਰਨ ਰੂਪ ਵਿਚ ਬਹਾਲ ਕਰਨ ਵਿਚ ਸਾਥ ਦੇਵੇਗੀ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸੈਦਪੁਰਾ, ਮੀਤ ਪ੍ਰਧਾਨ ਭਾਗ ਸਿੰਘ ਰੁੜਕੀ, ਸ਼ਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਨਰੇਸ਼, ਬਲਜੀਤ ਸਿੰਘ, ਗਗਨ, ਰਾਜਵੀਰ ਸਿੰਘ, ਦਿਲਬਰ ਸਿੰਘ, ਜਗਤਾਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।