12 ਵਜੇ ਤੋਂ ਬਾਅਦ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ !

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਪਾਉਣ ਦਾ ਟੈਂਡਰ ਖੋਲ੍ਹਣ ਦਾ ਵਿਰੋਧ ਕਰ ਰਹੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕਾਮਿਆਂ ਵੱਲੋਂ ਸੋਮਵਾਰ ਨੂੰ 12 ਵਜੇ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੁਮਾਇੰਦਿਆਂ ਅਨੁਸਾਰ ਸਰਕਾਰ ਤੇ ਮੈਨੇਜਮੈਂਟ ਵਲੋਂ 17 ਨਵੰਬਰ ਨੂੰ ਪ੍ਰਾਈਵੇਟ ਬੱਸਾਂ ਭਾਵ ਕਿਲੋਮੀਟਰ ਸਕੀਮ ਬੱਸਾਂ ਪਾਉਣ ਲਈ ਟੈਂਡਰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸਦਾ ਜਥੇਬੰਦੀ ਵੱਲੋਂ ਸਖਤ ਵਿਰੋਧ ਕੀਤਾ ਜਾਵੇਗਾ ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਦਾ ਐਕਸ਼ਨ ਆਰ-ਪਾਰ ਦਾ ਹੋਵੇਗਾ ਤੇ ਮੰਗਾਂ ਨਾ ਮੰਨਣ ’ਤੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਜਥੇਬੰਦੀ ਅਨੁਸਾਰ 7 ਹਜ਼ਾਰ ਤੋਂ ਵੱਧ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਨਗੇ ਤੇ ਜੇਕਰ ਟੈਂਡਰ ਖੋਲ੍ਹੇ ਗਏ ਤਾਂ ਥਾਂ ਥਾਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਹੁੰਦੀ ਹੈ ਤਾਂ ਇਸ ਦੌਰਾਨ ਆਮ ਲੋਕਾਂ ਨੂੰ ਇਕ ਵਾਰ ਫਿਰ ਖੱਜਲ ਖੁਆਰੀਆਂ ਦਾ ਸਾਹਮਣਾ ਵੀ ਕਰਨਾ ਪਵੇਗਾ ਤੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਅਦਾਰਿਆਂ ਨੂੰ ਵਿੱਤੀ ਘਾਟੇ ਦਾ ਸਾਹਮਣਾ ਵੀ ਕਰਨਾ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਯੂਨੀਅਨ ਵੱਲੋਂ ਕਈ ਵਾਰ ਸਰਕਾਰ ਤੇ ਮੈਨੇਜਮੈਂਟ ਨੂੰ ਲਿਖਤੀ ਰੂਪ ’ਚ ਤੇ ਜ਼ੁਬਾਨੀ ਤੌਰ ਤੇ ਕਿੱਲੋਮੀਟਰ ਬੱਸਾਂ ਕਾਰਨ ਪੈਣ ਵਾਲੇ ਘਾਟੇ ਅਤੇ ਇਨ੍ਹਾਂ ਕਿਲੋਮੀਟਰ ਸਕੀਮ ਬੱਸਾਂ ਦੀ ਥਾਂ ਤੇ ਸਰਕਾਰੀ ਬੱਸਾਂ ਪਾਉਣ ਲਈ ਹਰ ਤਰ੍ਹਾਂ ਦੇ ਤਰਕ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਫਿਰ ਵੀ ਮੈਨੇਜਮੈਟ ਵਲੋਂ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ, ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਠੇਕੇਦਾਰ-ਵਿਚੋਲੀਏ ਬਾਹਰ ਕੱਢਣ, ਸਰਵਿਸ ਰੂਲ ਲਾਗੂ ਕਰਵਾਉਣ ਸਮੇਤ ਕੰਟਰੈਕਟ ਕਾਮਿਆਂ ਦੀਆਂ ਹੋਰਨਾਂ ਮੰਗਾਂ ਦਾ ਸਰਕਾਰ ਕੋਲੋ ਹੱਲ ਕਰਵਾਉਣ ਲਈ 17 ਨਵੰਬਰ ਸੋਮਵਾਰ ਤੋਂ ਠੀਕ 12-00 ਵਜੇ ਤੋਂ ਪਨਬੱਸ ਅਤੇ ਪੀਆਰਟੀਸੀ ਦੀਆ ਬੱਸਾਂ ਦਾ ਮੁਕੰਬਲ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਐਕਸ਼ਨ ਦੇ ਤੌਰ ’ਤੇ ਪੀਆਰਟੀਸੀ ਦੇ ਚੇਅਰਮੈਨ ਤੇ ਵਿਭਾਗ ਦੇ ਐਮਡੀ ਦੀ ਰਿਹਾਇਸ਼ ਅਤੇ ਹੈੱਡ ਆਫਿਸ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਪੱਕਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਚੰਡੀਗੜ੍ਹ ਵਿਖੇ ਧਰਨੇ ਦੀ ਤਿਆਰੀ ਪੱਕੇ ਮੋਰਚੇ ਦੇ ਰੂਪ ਵਿੱਚ ਕੀਤੀ ਜਾਵੇਗੀ ਤੇ ਆਪਣੀਆ ਮੰਗਾਂ ਮਨਵਾਉਣ ਤੋਂ ਬਾਅਦ ’ਚ ਹੀ ਵਾਪਸ ਮੁੜਿਆ ਜਾਵੇਗਾ। ਹਰਕੇਸ਼ ਵਿੱਕੀ ਨੇ ਦੱਸਿਆ ਕਿ ਜਥੇਬੰਦੀ ਨਾਲ ਸਬੰਧਤ ਸਾਰੇ ਡਿਪੂਆਂ ਦੀਆਂ ਕਮੇਟੀਆਂ ਆਪਣੇ ਡਿਪੂ ’ਚ ਹਾਜ਼ਰ ਰਹਿਣਗੀਆਂ ਅਤੇ ਦਿੱਤੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੀਆਂ।