ਪੁਲਿਸ ਨੇ ਸ਼ੰਭੂ ਧਮਾਕੇ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਪਹਿਲਾਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਸੀ। ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਸਤਨਾਮ ਸਿੰਘ ਉਰਫ਼ ਸੱਤਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਤੇ ਦਹਿਸ਼ਤਗਰਦੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਹੁਣ ਖੁਫ਼ੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਦਾ ਧਿਆਨ ਮੁੜ ਸ਼ੰਭੂ ਰੇਲ ਮਾਰਗ ਧਮਾਕੇ ਦੇ ਮੁਲਜ਼ਮਾਂ ਵੱਲ ਕੇਂਦਰਿਤ ਹੋ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿਛਲੇ ਦਸ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਤਿੰਨ ਧਮਾਕਿਆਂ ਦੇ ਤਾਰ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਅਤੇ ਆਈਐੱਸਆਈ ਨਾਲ ਜੁੜਦੇ ਦਿਖਾਈ ਦੇ ਰਹੇ ਹਨ। ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ, ਸ਼ੰਭੂ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਬਾਰੇ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਨੇ ਸ਼ੰਭੂ ਧਮਾਕੇ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਪਹਿਲਾਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਸੀ। ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਸਤਨਾਮ ਸਿੰਘ ਉਰਫ਼ ਸੱਤਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।
ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹੁਣ ਤੱਕ ਅਤਿ-ਆਧੁਨਿਕ ਹਥਿਆਰ ਅਤੇ ਸੰਚਾਰ ਉਪਕਰਣ ਬਰਾਮਦ ਕੀਤੇ ਜਾ ਚੁੱਕੇ ਹਨ, ਜੋ ਸੂਬੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਪੁਲਿਸ ਦਾ ਮੰਨਣਾ ਹੈ ਕਿ ਇਸ ਰਿਮਾਂਡ ਦੌਰਾਨ ਹੋਰ ਅਪਰਾਧਿਕ ਗਤੀਵਿਧੀਆਂ ਅਤੇ ਹਥਿਆਰਾਂ ਦੀ ਬਰਾਮਦਗੀ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ। ਪੁਲਿਸ ਟੀਮਾਂ ਇਨ੍ਹਾਂ ਸਾਰੇ ਪਹਿਲੂਆਂ 'ਤੇ ਬਾਰੀਕੀ ਨਾਲ ਕੰਮ ਕਰ ਰਹੀਆਂ ਹਨ। ਮੋਗਾ, ਸਰਹਿੰਦ ਅਤੇ ਸ਼ੰਭੂ ਧਮਾਕਿਆਂ ਦੇ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਾਸੀ ਬਿਧੀਪੁਰ, ਗੁਰਦਾਸਪੁਰ ਨੂੰ 2 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਬੇਅੰਤ ਸਿੰਘ ਨੂੰ ਬੀਤੇ ਐਤਵਾਰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਸੂਤਰਾਂ ਅਨੁਸਾਰ, ਮੁਲਜ਼ਮ ਗੁਰਜਿੰਦਰ ਸਿੰਘ ਪੁਲਿਸ ਜਾਂਚ ਵਿੱਚ ਕੋਈ ਸਹਿਯੋਗ ਨਹੀਂ ਦੇ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਪੁੱਛੇ ਗਏ ਸਵਾਲਾਂ ਦੇ ਕੋਈ ਸਪੱਸ਼ਟ ਜਵਾਬ ਨਹੀਂ ਮਿਲ ਰਹੇ। ਪੁਲਿਸ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮੁਲਜ਼ਮਾਂ ਦੇ ਸਾਰੇ ਨੈਟਵਰਕ ਨੂੰ ਤੋੜਿਆ ਜਾਵੇਗਾ।