ਰਾਜਪਾਲ ਨਿਵਾਸ ਵੱਲ ਮਾਰਚ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ
ਰਾਜਪਾਲ ਨਿਵਾਸ ਵੱਲ ਮਾਰਚ ਵਿੱਚ ਵੱਧ ਚੜ ਕੇ ਹਿੱਸਾ ਲੈਣ ਦਾ ਫੈਸਲਾ
Publish Date: Thu, 07 May 2026 06:06 PM (IST)
Updated Date: Fri, 08 May 2026 04:12 AM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਮੀਟਿੰਗ ਸ੍ਰੀ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਵਿਖੇ ਸਿਨਿਆਰ ਮੀਤ ਪ੍ਰਧਾਨ ਲਾਭ ਸਿੰਘ ਦੁਗਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜਥੇਬੰਦੀ ਦੇ ਕਨਵੀਨਰ ਹਰਭਜਨ ਸਿੰਘ ਬੁੱਟਰ ਅਤੇ ਸੂਬਾ ਕਮੇਟੀ ਮੈਂਬਰ ਹਰਭਜਨ ਸਿੰਘ ਧੂਹੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਕਿਸਾਨੀ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਦੇ ਨਾਲ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਰਾਜਪਾਲ ਨਿਵਾਸ ਚੰਡੀਗੜ੍ਹ ਵੱਲ ਮਾਰਚ ਕੀਤੇ ਜਾਣ ਦੇ ਲਏ ਗਏ ਫੈਸਲੇ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕਨਵੀਨਰ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾ ਪੂਰੀਆਂ ਨਹੀਂ ਕੀਤੀਆਂ ਗਈਆਂ ਸਗੋਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੀ ਕਿਸਾਨਾਂ ਦਾ ਹਤੈਸ਼ੀ ਹੋਣ ਦੇ ਦਾਵੇ ਕਰਦੀ ਹੈ ਉਹ ਵੀ ਭਾਜਪਾ ਦੀ ਕੇਂਦਰ ਸਰਕਾਰ ਦਾ ਹੱਥ ਠੋਕਾ ਬਣ ਕੇ ਕਿਸਾਨੀ ਸੰਘਰਸ਼ ਨੂੰ ਦਬਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਤੋਂ ਖੇਤੀ ਖੇਤਰ ਨੂੰ ਬਚਾਉਣ ਲਈ ਐੱਸਕੇਐੱਮ ਦੀ ਅਗਵਾਈ ’ਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਚਲਾਇਆ ਜਾ ਰਿਹਾ ਹੈ ਅਗਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦੀ ਪਰਵਾਹ ਨਾ ਕੀਤੀ ਤਾਂ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ’ਚ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ’ਚ ਜਗਤਾਰ ਸਿੰਘ ਧੂਹੜ, ਜਰਨੈਲ ਸਿੰਘ, ਜਗਵੰਤ ਸਿੰਘ ਦੁਗਾਲ, ਬਹਾਦਰ ਸਿੰਘ, ਜਲੰਧਰ ਸਿੰਘ ਸ਼ੁਤਰਾਣਾ, ਸੰਤੋਖ ਸਿੰਘ, ਸਲਵਿੰਦਰ ਸਿਘ ਅੱਡਾ ਸੁਤਰਾਣਾ, ਕਮਲਜੀਤ ਸਿੰਘ, ਕਿੱਕਰ ਸਿੰਘ, ਕੁਲਵੀਰ ਸਿੰਘ ਪੈਂਦ, ਮਨਜੀਤ ਸਿੰਘ ਤੇਈਪੁਰ, ਬੇਅੰਤ ਸਿੰਘ ਨਾਈਵਾਲਾ, ਖਾਨ ਸਿੰਘ ਕੂਆਡੈਰੀ ਅਤੇ ਹਰਪਾਲ ਸਿੰਘ ਪਾਤੜਾਂ ਆਦਿ ਸ਼ਾਮਲ ਹੋਏ।