ਬਾਗ਼ੀ ਰਾਜ ਸਭਾ ਮੈਂਬਰਾਂ ਨੂੰ ਜਨਤਾ ਨਹੀਂ ਕਰੇਗੀ ਬਰਦਾਸ਼ਤ : ਹਡਾਣਾ
ਲੋਕਾਂ ਦੇ ਫ਼ਤਵੇ ਨਾਲ ਗਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ: ਹਡਾਣਾ
Publish Date: Mon, 27 Apr 2026 04:26 PM (IST)
Updated Date: Mon, 27 Apr 2026 04:28 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਨੂੰ ਪਿੱਠ ਦਿਖਾ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਫ਼ੈਸਲੇ ਵਿਰੁੱਧ ਹਲਕਾ ਸਨੌਰ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਇਕੱਠੇ ਹੋਏ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਬੱਸ ਅੱਡਾ ਦੇਵੀਗਡ਼੍ਹ ਵਿਖੇ ਇਨ੍ਹਾਂ ਮੈਂਬਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਪੁਤਲੇ ਸਾਡ਼ੇ ਗਏ। ਰੋਸ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੀ ਬਦੌਲਤ ਅਤੇ ਲੋਕਾਂ ਦੇ ਵਿਸ਼ਵਾਸ ਸਦਕਾ ਉੱਚੇ ਅਹੁਦਿਆਂ ਤੱਕ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਇਨ੍ਹਾਂ ਨੂੰ ਪਛਾਣ ਦਿੱਤੀ, ਉਸੇ ਨਾਲ ਧੋਖਾ ਕਰਕੇ ਭਾਜਪਾ ਵਿਚ ਸ਼ਾਮਲ ਹੋਣਾ ਸਿਆਸੀ ਮੰਦਭਾਗੀ ਅਤੇ ਗ਼ਦਾਰੀ ਦੀ ਸਭ ਤੋਂ ਵੱਡੀ ਮਿਸਾਲ ਹੈ। ਇਸ ਤੋਂ ਵੱਡੀ ਨੀਚਤਾ ਹੋਰ ਕੀ ਹੋ ਸਕਦੀ ਹੈ। ਹਡਾਣਾ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਲਾਲਚ ਜਾਂ ਡਰਾ-ਧਮਕਾ ਕੇ ਆਪਣੇ ਵੱਲ ਖਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਾਪ੍ਰਸਤ ਆਗੂਆਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਇਮਾਨਦਾਰ ਵਲੰਟੀਅਰ ਅਤੇ ਜਨਤਾ ਹੈ। ਪੁਤਲੇ ਸਾਡ਼ਨ ਮੌਕੇ ਮੌਜੂਦ ਆਪ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੇ ਪਾਰਟੀ ਨਾਲ ਗ਼ਦਾਰੀ ਕੀਤੀ ਹੈ, ਉਨ੍ਹਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਇਸ ਮੌਕੇ ਬਲਦੇਵ ਸਿੰਘ ਦੇਵੀਗਡ਼੍ਹ ਚੇਅਰਮੈਨ ਮਾਰਕਿਟ ਕਮੇਟੀ ਦੁਧਨ ਸਾਧਾਂ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ, ਸਰਬਜੀਤ ਸਿੰਘ ਨੈਣਾਂ ਚੇਅਰਮੈਨ, ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ, ਗੋਪੀ ਰਾਜਗਡ਼੍ਹ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵੇਦ ਪ੍ਰਕਾਸ਼ ਗਰਗ ਪ੍ਰਧਾਨ, ਰਾਜਾ ਧੰਜੂ ਸਰੁਸਤੀਗਡ਼੍ਹ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਲਾਲੀ ਰਹਿਲ ਪੀ.ਏ., ਮਨਿੰਦਰ ਫਰਾਂਸਵਾਲਾ, ਉਪ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਸਿਰੀ ਰਾਮ ਗੁਪਤਾ, ਪ੍ਰੇਮ ਖਨੇਜਾ, ਮਨਜਿੰਦਰ ਸਿੰਘ ਸੰਧਰ, ਦਾਨੂੰ ਲਾਂਬਾ ਆਦਿ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਮੈਂਬਰ, ਬਲਾਕ ਪ੍ਰਧਾਨ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।