8 ਕਰੋੜ ਦੀ ਲਾਗਤ ਨਾਲ ਵਿਛੇਗੀ ਪਾਈਪ ਲਾਈਨ : ਹਡਾਣਾ
8 ਕਰੋੜ ਦੀ ਲਾਗਤ ਨਾਲ ਵਿਛੇਗੀ ਪਾਈਪਲਾਈਨ: ਹਡਾਣਾ
Publish Date: Wed, 06 May 2026 06:19 PM (IST)
Updated Date: Wed, 06 May 2026 06:20 PM (IST)

ਫੋਟੋ 6ਪੀਟੀਐਲ: 30 ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਤਹਿਤ ਹਲਕਾ ਸਨੌਰ ਵਿੱਚ ਵਿਕਾਸ ਦੀ ਇੱਕ ਨਵੀਂ ਇਬਾਰਤ ਲਿਖੀ ਜਾ ਰਹੀ ਹੈ। ਹਲਕਾ ਇੰਚਾਰਜ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਹਲਕੇ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਉਣ ਦੇ ਵੱਡੇ ਪ੍ਰੋਜੈਕਟ ਨੂੰ ਹਰੀ ਝੰਡੀ ਮਿਲ ਗਈ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹਲਕੇ ਦੇ 20 ਤੋਂ ਵੱਧ ਪਿੰਡਾਂ ਦੀ ਦਿੱਖ ਬਦਲਣ ਜਾ ਰਹੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਹਲਕੇ ਦੇ ਕਈ ਪਿੰਡ ਪਾਣੀ ਦੀ ਕਿੱਲਤ ਅਤੇ ਸਿੰਚਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਨ੍ਹਾਂ ਕਿਹਾ ਕਿ 8 ਕਰੋੜ ਰੁਪਏ ਦੇ ਇਸ ਬਜਟ ਨਾਲ ਵਿਛਾਈ ਜਾਣ ਵਾਲੀ ਪਾਈਪਲਾਈਨ ਨਾ ਸਿਰਫ਼ ਖੇਤਾਂ ਤੱਕ ਪਾਣੀ ਪਹੁੰਚਾਏਗੀ, ਸਗੋਂ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਦੇ ਨਿਕਾਸ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵੀ ਸੁਧਾਰ ਕਰੇਗੀ। ਚੇਅਰਮੈਨ ਹਡਾਣਾ ਨੇ ਸਪੱਸ਼ਟ ਕੀਤਾ ਕਿ ਹਲਕਾ ਸਨੌਰ ਦਾ ਵਿਕਾਸ ਉਨ੍ਹਾਂ ਦਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਸਿੱਖਿਆ ਹੋਵੇ, ਸਿਹਤ ਸਹੂਲਤਾਂ ਹੋਣ ਜਾਂ ਖੇਤੀਬਾੜੀ ਨਾਲ ਸਬੰਧਿਤ ਬੁਨਿਆਦੀ ਢਾਂਚਾ, ਮਾਨ ਸਰਕਾਰ ਹਰ ਖੇਤਰ ਵਿੱਚ ਮੋਹਰੀ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਅਤੇ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਵੱਡੇ ਪ੍ਰੋਜੈਕਟ ਦੀ ਖ਼ਬਰ ਸੁਣਦਿਆਂ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਕਿਸਾਨਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਪਿੰਡਾਂ ਦੇ ਲੋਕਾਂ ਨੇ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਨੂੰ ਅਜਿਹੇ ਹੀ ਇਮਾਨਦਾਰ ਅਤੇ ਲੋਕ-ਪੱਖੀ ਆਗੂ ਦੀ ਲੋੜ ਸੀ ਜੋ ਜ਼ਮੀਨੀ ਪੱਧਰ ਤੇ ਲੋਕਾਂ ਦੇ ਦੁੱਖ-ਦਰਦ ਸਮਝੇ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਸਾਰੇ ਬਲਾਕ ਪ੍ਰਧਾਨ ਅਤੇ ਭਾਰੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਹਾਜ਼ਰ ਸਨ।