ਮਾਵਾਂ ਧੀਆਂ ਦਾ ਸਤਿਕਾਰ ਸਕੀਮ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ : ਰਾਏ
ਮਾਵਾਂ ਧੀਆਂ ਦਾ ਸਤਿਕਾਰ ਸਕੀਮ ਦੀ ਰਜਿਸਟਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ : ਰਾਏ
Publish Date: Thu, 19 Mar 2026 05:16 PM (IST)
Updated Date: Thu, 19 Mar 2026 05:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਦਾ ਸਤਿਕਾਰ ਸਕੀਮ ਅਧੀਨ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਜਰਨਲ ਵਰਗ ਨਾਲ ਸਬੰਧਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਪੰਜਾਬ ਵਾਸੀ ਸਰਟੀਫਿਕੇਟ ਜ਼ਰੂਰੀ ਹੋਣਗੇ। ਜਿਨ੍ਹਾਂ ਕੋਲ ਅਜੇ ਸਰਟੀਫਿਕੇਟ ਨਹੀਂ ਬਣੇ, ਉਹ ਬਣਾ ਕੇ ਸ਼ਰਤਾਂ ਪੂਰੀਆਂ ਕਰ ਲੈਣ। ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਪੰਜ ਮੁੱਖ ਗਰੰਟੀਆਂ ਨੂੰ ਚਾਰ ਸਾਲਾਂ ਵਿੱਚ ਪੂਰਾ ਕਰ ਦਿੱਤਾ ਹੈ। ਸੂਬੇ ਵਿੱਚ 65000 ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪੱਧਰ ਨੂੰ ਉੱਚਾ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ ਹਰ ਪੇਂਡੂ ਅਤੇ ਸ਼ਹਿਰੀ ਖੇਤਰ ’ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ 10 ਲੱਖ ਰੁਪਏ ਤੱਕ ਦੀ ਮੁਫਤ ਸਿਹਤ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ 20 ਫੀਸਦੀ ਤੋਂ ਵਧ ਕੇ 78 ਫੀਸਦੀ ਹੋ ਗਈ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਲੈਵਲ ਵਧਿਆ ਹੈ ਅਤੇ ਵਾਤਾਵਰਣ ਨੂੰ ਵੀ ਬਚਾਇਆ ਗਿਆ ਹੈ।