ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਮਦਦ, ਸੀਐੱਮ ਵੱਲੋਂ ਐਲਾਨ
ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ
Publish Date: Thu, 23 Apr 2026 07:25 PM (IST)
Updated Date: Thu, 23 Apr 2026 07:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਮੈਣ ਮਾਜਰੀ ਵਿੱਚ ਪਿਛਲੇ ਹਫ਼ਤੇ ਵਾਪਰੇ ਭਿਆਨਕ ਬੱਸ ਹਾਦਸੇ ਦੇ ਪੀੜਤਾਂ ਲਈ ਸੂਬਾ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਜਾਨ ਚਲੀ ਗਈ ਸੀ, ਜਦਕਿ 25 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੋਬ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੁਖਦਾਈ ਘਟਨਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਇਸ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਰੋਕਿਆ ਜਾ ਸਕੇ।