ਅਹਿਮਦਗੜ੍ਹ ’ਚ ਸੌਂਦ ਸਿਨੇਮਾ ਸੜਕੇ ਹੋਇਆ ਸੁਆਹ
ਅਹਿਮਦਗੜ ’ਚ ਸੌਂਦ ਸਿਨੇਮਾ ਸੜਕੇ ਹੋਇਆ ਸੁਆਹ
Publish Date: Mon, 04 May 2026 06:23 PM (IST)
Updated Date: Tue, 05 May 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਹਿਮਦਗੜ੍ਹ : ਸ਼ਹਿਰ ਦਾ ਸੌਂਦ ਸਿਨੇਮਾ ਲੰਬੇ ਸਮੇਂ ਬਾਅਦ ਦੁਬਾਰਾ ਸ਼ੁਰੂ ਹੋਣ ਤੋਂ ਕੁਝ ਹੀ ਸਮੇਂ ਬਾਅਦ ਸੋਮਵਾਰ ਦੁਪਹਿਰ ਅਚਾਨਕ ਅੱਗ ਲੱਗ ਗਈ। ਅੱਗ ਇੰਨੀਂ ਤੇਜ਼ੀ ਨਾਲ ਫੈਲੀ ਕਿ ਪੂਰਾ ਸਿਨੇਮਾ ਹਾਲ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਅਹਿਮਦਗੜ੍ਹ ਦੇ ਐੱਸਐੱਚਓ ਪੁਸ਼ਪਿੰਦਰ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ ਤੇ ਆਪਣੀ ਫੁਰਤੀ ਨਾਲ ਵੱਡੀ ਘਟਨਾ ਹੋਣ ਤੋਂ ਬਚਾਅ ਕੀਤਾ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਸਿਨੇਮਾ ਦੇ ਮਾਲਕ ਜਸਵਿੰਦਰ ਸਿੰਘ ਸੌਂਦ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਲੱਗਦਾ ਹੈ, ਹਾਲਾਂਕਿ ਅਸਲ ਕਾਰਨ ਦੀ ਜਾਂਚ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਅੱਗ ਨਾਲ ਪੂਰਾ ਸਿਨੇਮਾ ਸੜ ਕੇ ਰਾਖ ਹੋ ਗਿਆ ਹੈ। ਇਸ ਨਾਲ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਕਿਉਂਕਿ ਉਸ ਸਮੇਂ ਸਿਨੇਮਾ ’ਚ ਕੋਈ ਫਿਲਮ ਨਹੀਂ ਚੱਲ ਰਹੀ ਸੀ ਤੇ ਅੰਦਰ ਕੋਈ ਵੀ ਮੌਜੂਦ ਨਹੀਂ ਸੀ। ਐੱਸਐੱਚਓ ਸਿਟੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ’ਤੇ ਪਹੁੰਚੇ ਤੇ ਲੋੜੀਂਦੀ ਕਾਰਵਾਈ ਕੀਤੀ।