ਅਹਿਮ) ਚੇਅਰਮੈਨ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ
Publish Date: Mon, 11 May 2026 04:28 PM (IST)
Updated Date: Mon, 11 May 2026 04:30 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਐੱਸਡੀਐੱਮ ਨਾਭਾ ਏਪੀਐਸ ਸੋਮਲ ਤੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਚੇਅਰਮੈਨ ਗੜ੍ਹੀ ਦਾ ਨਾਭਾ ਪੁੱਜਣ ’ਤੇ ਸਵਾਗਤ ਕੀਤਾ। ਦੌਰੇ ਦੌਰਾਨ ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿਚ ਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜੇਲ੍ਹਾਂ ਵਿਚ ਬੰਦੀਆਂ ਦੇ ਸੁਧਾਰ ਲਈ ਸਾਜਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਨਾਭਾ ਦੀ ਇਸ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ। ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੀ ਮੌਜੂਦ ਸਨ।