ਮਲੇਰੀਏ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਮਲੇਰੀਏ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
Publish Date: Sat, 25 Apr 2026 04:02 PM (IST)
Updated Date: Sun, 26 Apr 2026 04:02 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਪੀਐੱਚਸੀ ਕੌਹਰੀਆਂ ਡਾ. ਬਲਜਿੰਦਰ ਕੋਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ ਸੈਂਟਰ ਲਖਮੀਰਵਾਲਾ ਦੇ ਸਰਕਾਰੀ ਮਿਡਲ ਸਕੂਲ ਤੇ ਪਿੰਡ ਭਰੂਰ ਦੇ ਸਕੂਲ ਸਮੇਤ ਹੋਰਨਾਂ ਥਾਵਾਂ ’ਤੇ ਨੁੱਕੜ ਮੀਟਿੰਗਾਂ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀਐੱਚਓ ਜਸਵੀਰ ਕੌਰ ਨੇ ਬੱਚਿਆਂ ਤੇ ਲੋਕਾਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਸਿਹਤ ਵਿਭਾਗ ਦੀਆਂ ਟੀਮਾਂ ਨੇ ਦੱਸਿਆ ਕਿ ਮਲੇਰੀਆ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜਿਸ ਤੋਂ ਬਚਣ ਲਈ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਦਾਨੀ ਦੀ ਵਰਤੋਂ ਕਰੋ ਤੇ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨੇ ਜਾਣ। ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਕੰਬਣ ਜਾਂ ਸਰੀਰ ਦਰਦ ਵਰਗੇ ਲੱਛਣ ਨਜ਼ਰ ਆਉਣ, ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ ਸਮੇਂ ਸਿਰ ਇਲਾਜ ਨਾਲ ਮਲੇਰੀਆ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਦੇ ਖਾਤਮੇ ਦੇ ਲਈ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਚਲਾਈ ਮੁਹਿੰਮ ਦਾ ਸਾਥ ਦੇਣ ਤਾਂ ਜੋ ਮਲੇਰੀਆ, ਡੇਂਗੂ, ਚਿਕਨ ਗੁਨੀਆ ਸਮੇਤ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਹੋ ਸਕੇ। ਇਸ ਮੌਕੇ ਸਕੂਲ ਟੀਚਰ ਗੁਰਬਖਸ਼ੀਸ਼ ਸਿੰਘ, ਨੀਰਜ ਜੋਸ਼ੀ, ਨੀਰਜ ਗੁਪਤਾ, ਆਸ਼ਾ ਵਰਕਰ ਹਰਮੇਲ ਕੌਰ, ਪੂਜਾ ਰਾਣੀ ਹਾਜ਼ਰ ਸਨ।