ਇਸ ਦੇ ਉਲਟ, ਇੱਕ ਅਹਿਮ ਘਟਨਾਕ੍ਰਮ ਵਿੱਚ ਨਿਹੰਗ ਮੁਖੀ ਨੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਬਣਾਉਣ ਦੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ, ਜਿਸ ਨਾਲ ਇਸ ਮੁੱਦੇ 'ਤੇ ਸਿੱਖ ਲੀਡਰਸ਼ਿਪ ਅੰਦਰਲੇ ਵੱਖਰੇਵੇਂ ਸਾਹਮਣੇ ਆ ਗਏ ਹਨ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਰੁੱਧ ਇੱਕਜੁਟਤਾ ਬਣਾਉਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਬਾਰੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ। ਇਸ ਦੇ ਉਲਟ, ਇੱਕ ਅਹਿਮ ਘਟਨਾਕ੍ਰਮ ਵਿੱਚ ਨਿਹੰਗ ਮੁਖੀ ਨੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਬਣਾਉਣ ਦੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ, ਜਿਸ ਨਾਲ ਇਸ ਮੁੱਦੇ 'ਤੇ ਸਿੱਖ ਲੀਡਰਸ਼ਿਪ ਅੰਦਰਲੇ ਵੱਖਰੇਵੇਂ ਸਾਹਮਣੇ ਆ ਗਏ ਹਨ।
ਇਹ ਸਥਿਤੀ ਇੱਥੇ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਬਲਬੀਰ ਸਿੰਘ ਵਿਚਕਾਰ ਹੋਈ ਉੱਚ ਪੱਧਰੀ ਮੁਲਾਕਾਤ ਤੋਂ ਬਾਅਦ ਪੈਦਾ ਹੋਈ। ਇਸ ਬੈਠਕ ਦਾ ਮੁੱਖ ਉਦੇਸ਼ ਐਕਟ ਵਿਰੁੱਧ ਧਾਰਮਿਕ ਜਥੇਬੰਦੀਆਂ ਨੂੰ ਲਾਮਬੰਦ ਕਰਨਾ ਸੀ। ਮੁਲਾਕਾਤ ਤੋਂ ਬਾਅਦ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਦੇ ਰਵੱਈਏ ਵਿੱਚ ਵੱਡਾ ਫਰਕ ਦੇਖਣ ਨੂੰ ਮਿਲਿਆ। ਜਿੱਥੇ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ 'ਤੇ ‘ਅੜੀਅਲ ਰਵੱਈਆ’ ਅਪਣਾਉਣ ਦਾ ਦੋਸ਼ ਲਾਉਂਦਿਆਂ ਵਿਵਾਦਤ ਮੱਦਾਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ, ਉੱਥੇ ਹੀ ਬਾਬਾ ਬਲਬੀਰ ਸਿੰਘ ਨੇ ਨਰਮ ਅਤੇ ਕੂਟਨੀਤਕ ਰੁਖ਼ ਅਖਤਿਆਰ ਕੀਤਾ। ਬੁੱਢਾ ਦਲ ਦੇ ਮੁਖੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਲਦਬਾਜ਼ੀ ਵਿੱਚ ਵਿਰੋਧ ਕਰਨ ਦੀ ਬਜਾਏ, ਐਕਟ ਬਾਰੇ ਆਪਣੇ ਤਕਨੀਕੀ ਇਤਰਾਜ਼ਾਂ ਦਾ ਇੱਕ ਵਿਸਥਾਰਤ ਖਰੜਾ ਤਿਆਰ ਕਰਕੇ ਸਾਰੀਆਂ ਪੰਥਕ ਜਥੇਬੰਦੀਆਂ ਸਾਹਮਣੇ ਰੱਖਣ ਦੀ ਸਲਾਹ ਦਿੱਤੀ।
ਹੋਰਨਾਂ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ ਕਰਾਂਗੇ : ਬਾਬਾ ਬਲਬੀਰ ਸਿੰਘ
ਬਾਬਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਕਿਉਂਕਿ ਇਹ ਐਕਟ ਅੰਗਰੇਜ਼ੀ ਵਿੱਚ ਤਿਆਰ ਕੀਤਾ ਗਿਆ ਹੈ, ਇਸ ਲਈ ਕਈ ਜਥੇਬੰਦੀਆਂ ਇਸ ਦੇ ਕਾਨੂੰਨੀ ਪੱਖਾਂ ਨੂੰ ਪੂਰੀ ਤਰ੍ਹਾਂ ਸਮਝਣ ਦੇ ਸਮਰੱਥ ਨਹੀਂ ਹਨ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਇਸ ਦੀਆਂ ਬਾਰੀਕੀਆਂ ਪੰਥਕ ਸੰਸਥਾਵਾਂ ਨੂੰ ਵਿਸਥਾਰ ਵਿੱਚ ਸਮਝਾਉਣੀਆਂ ਚਾਹੀਦੀਆਂ ਹਨ, ਤਾਂ ਜੋ ਅਗਲੀ ਰਣਨੀਤੀ ਸਾਂਝੇ ਤੌਰ 'ਤੇ ਤੈਅ ਕੀਤੀ ਜਾ ਸਕੇ।’’ ਉਨ੍ਹਾਂ ਅੱਗੇ ਕਿਹਾ ਕਿ ਜੇਕਰ ਐਕਟ ਦੀ ਕੋਈ ਮੱਦ ਸੱਚਮੁੱਚ 'ਗੁਰਮਤਿ' ਦੇ ਉਲਟ ਪਾਈ ਜਾਂਦੀ ਹੈ ਜਾਂ ਉਸ ਵਿੱਚ ਸੋਧ ਦੀ ਲੋੜ ਹੁੰਦੀ ਹੈ, ਤਾਂ ਉਹ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਕੌਮ ਦੇ ਖ਼ਦਸ਼ਿਆਂ ਤੋਂ ਜਾਣੂ ਕਰਵਾਉਣਗੇ। ਬਾਬਾ ਬਲਬੀਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ 'ਤੇ ਹੋਰਨਾਂ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਵੀ ਗੱਲਬਾਤ ਅਤੇ ਸਲਾਹ-ਮਸ਼ਵਰਾ ਕਰਨਗੇ।
ਪੰਥਕ ਇਕੱਠ ਲਈ ਸੱਦਾ ਦਿੱਤਾ, ਪ੍ਰਵਾਨ ਹੋਇਆ : ਐਡਵੋਕੇਟ ਧਾਮੀ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ ਵਿਚ ਸ਼ਾਮਲ ਦਰਜ ਕੁਝ ਮੱਦਾਂ ਬਾਰੇ ਸੰਗਤਾਂ ਦੇ ਵੱਡੇ ਇਤਰਾਜ਼ ਹਨ ਅਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ, ਜਿਨ੍ਹਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕੀਤਾ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬਕਾਲਾ ਸਹਿਬ ਵਿਖੇ 31 ਮਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਤਾਂ ਜੋ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸਾਂਝਾ ਗੁਰਮਤਾ ਕੀਤਾ ਜਾ ਸਕੇ। ਇਸ ਲਈ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮਿਲ ਕੇ ਸੱਦਾ ਦਿੱਤਾ ਗਿਆ ਹੈ ਤੇ ਉਨਾਂ ਪ੍ਰਵਾਨ ਕਰ ਲਿਆ ਹੈ।