ਵੋਟਰ ਸੂਚੀਆਂ ਦੀ ਐਸਆਈਆਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ : ਡੀਸੀ
ਵੋਟਰ ਸੂਚੀਆਂ ਦੀ ਐਸਆਈਆਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ : ਡੀਸੀ
Publish Date: Thu, 21 May 2026 05:22 PM (IST)
Updated Date: Fri, 22 May 2026 04:07 AM (IST)

25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸਆਈਆਰ) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਰਾਜ ਵਿਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐਲਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਅੱਜ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਵਿਚ ਐਸ. ਆਈ. ਆਰ ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਫਤਹਿਗੜ੍ਹ ਵਿਚ 544 ਬੂਥਾਂ ’ਤੇ 544 ਬੀਐਲਓਜ਼, 55 ਸੁਪਰਵਾਈਜ਼ਰ, 3 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 6 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ 4 ਲੱਖ 55 ਹਜ਼ਾਰ 206 ਵੋਟਰਾਂ ਵਿੱਚੋਂ 3 ਲੱਖ 96 ਹਜ਼ਾਰ 292 ਵੋਟਰ ਮੈਪ ਕਰ ਦਿੱਤੇ ਗਏ ਹਨ, ਜੋ ਕਿ 87 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ. ਆਈ. ਆਰ ਅਧੀਨ ਫਾਰਮ ਭਰਨਾ ਜ਼ਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸਆਈਆਰ ਦੀ ਪ੍ਰਕਿਰਿਆ ਕਾਫ਼ੀ ਆਸਾਨ ਹੋਵੇਗੀ। ਜੇ ਕੋਈ ਵੋਟਰ ਐਸਆਈਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਲਏ ਜਾਣਗੇ ਜਿਨਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਐਸਆਈਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿਚ ਬੀਐਲਓਜ਼ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਮਿਤੀ 15 ਜੂਨ 2026 ਤੋਂ ਮਿਤੀ 24 ਜੂਨ 2026 ਤੱਕ ਐਸਆਈਆਰ ਸਬੰਧੀ ਬੀਐਲਓਜ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸਆਈਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ- ਸਮੇਂ ’ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ। ਇਸ ਮੌਕੇ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਵੀ ਮੌਜੂਦ ਸਨ।