ਡੀਐੱਲਐੱਸਏ ਵੱਲੋਂ ਮਜ਼ਦੂਰ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ
ਡੀਐਲਐਸਏ ਵੱਲੋਂ ਮਜ਼ਦੂਰ ਦਿਵਸ ਮੌਕੇ ਜਾਗਰੂਕਤਾ ਅਭਿਆਨ ਦਾ ਆਯੋਜਨ
Publish Date: Sat, 02 May 2026 05:30 PM (IST)
Updated Date: Sat, 02 May 2026 05:32 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ (ਡੀਐੱਲਐੱਸਏ) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਗੁਰੂ ਨਾਨਕ ਬ੍ਰਿਕਸ, ਪਿੰਡ ਨੂਰ ਖੇੜੀਆ ਅਤੇ ਆਟੋ ਰਿਕਸ਼ਾ ਸਟੈਂਡ, ਰੇਲਵੇ ਸਟੇਸ਼ਨ, ਪਟਿਆਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਨੂੰ ਅਸ਼ੋਕ ਕੁਮਾਰ ਚੌਹਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇ ਮਜ਼ਦੂਰਾਂ ਦੇ ਹੱਕਾਂ ਦੀ ਸੁਰੱਖਿਆ, ਉਨ੍ਹਾਂ ਲਈ ਇਜ਼ਤ ਅਤੇ ਨਿਆਂ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨੀ ਜਾਗਰੂਕਤਾ ਮਜ਼ਦੂਰ ਵਰਗ ਨੂੰ ਸਸ਼ਕਤ ਕਰਨ ਅਤੇ ਇੱਕ ਨਿਆਂਪੂਰਨ ਤੇ ਸਮਤਾਵਾਂਤ ਸਮਾਜ ਦੀ ਰਚਨਾ ਵਿੱਚ ਇਕ ਮਹੱਤਵਪੂਰਨ ਸਾਧਨ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਜ਼ਿਲ੍ਹੇ ਵਿੱਚ ਹੋਰ 15 ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹ ਸਾਰੇ ਉਪਰਾਲੇ ਮਿਲ ਕੇ ਡੀਐੱਲਐੱਸਏ ਪਟਿਆਲਾ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ, ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।