ਐੱਸਓਆਈ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਐਸਓਆਈ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Publish Date: Fri, 03 Apr 2026 05:29 PM (IST)
Updated Date: Fri, 03 Apr 2026 05:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਇੱਥੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਨਾਲ ਸਬੰਧਤ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਐੱਸਓਆਈ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੇ ਵਿਰੋਧ ਵਜੋਂ ਕੀਤਾ ਗਿਆ। ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ ਅਤੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਅਪਮਾਨ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਦੇਵਸ਼ੀਸ਼ ਮਲਿਕ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਗਾ ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਵਿਚ ਭਾਗ ਲਿਆ। ਆਗੂਆਂ ਨੇ ਕਿਹਾ ਕਿ ਐਸਓਆਈ ਇੱਕ ਅਨੁਸ਼ਾਸਿਤ ਅਤੇ ਵਿਦਿਆਰਥੀ ਹਿੱਤਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਹੈ, ਜਿਸ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਨਾ ਨਿੰਦਣਯੋਗ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਮਾਫ਼ੀ ਨਾ ਮੰਗੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖ਼ਾ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਕਿਹਾ ਗਿਆ ਕਿ ਹਾਲ ਹੀ ਵਿਚ ਸਾਹਮਣੇ ਆਏ ਮਾਮਲਿਆਂ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਸਰਕਾਰ ਨਾਲ ਸੰਬੰਧਿਤ ਕੁਝ ਵਿਅਕਤੀ ਨਸ਼ਿਆਂ ਦੇ ਕੇਸਾਂ ਵਿਚ ਫੜੇ ਗਏ ਹਨ, ਜਿਸ ਨਾਲ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਨਸ਼ਾ ਖਤਮ ਕਰਨ ਲਈ ਗੰਭੀਰ ਹੈ, ਤਾਂ ਇਸ ਤਰ੍ਹਾਂ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰਤਾਪ ਸਿੰਘ, ਮਨਵਿੰਦਰ ਸਿੰਘ, ਫਤਿਹ ਸਿੰਘ ਚੀਮਾ, ਗੁਰਕੀਰਤ ਸਿੰਘ, ਪਰਗਟ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।