ਪਾਵਰਕੌਮ ਨੂੰ ਚਾਰ ਸਾਲਾਂ 'ਚ ਮਿਲਿਆ ਤੀਸਰਾ ਮੰਤਰੀ, ਤਰਨਜੀਤ ਸਿੰਘ ਸੋਂਦ ਨੇ ਸੰਭਾਲਿਆ ਬਿਜਲੀ ਮੰਤਰਾਲਾ; ਕਿਹਾ— ਸੂਬੇ 'ਚ ਬਿਜਲੀ ਦੀ ਕੋਈ ਕਮੀ ਨਹੀਂ
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਿਰਫ਼ ਖੇਤੀਬਾੜੀ ਹੀ ਨਹੀਂ, ਸਗੋਂ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਵਰਕੌਮ ਵੱਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਤਕਨੀਕੀ ਖਰਾਬੀਆਂ ਨੂੰ ਤੁਰੰਤ ਹੱਲ ਕਰਨ ਲਈ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ।
Publish Date: Wed, 13 May 2026 04:23 PM (IST)
Updated Date: Wed, 13 May 2026 04:27 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਸਰਕਾਰ 'ਚ ਹਾਲ ਹੀ 'ਚ ਹੋਏ ਫੇਰਬਦਲ ਤੋਂ ਬਾਅਦ ਤਰਨਜੀਤ ਸਿੰਘ ਸੋਂਦ ਨੇ ਬੁੱਧਵਾਰ ਨੂੰ ਰਸਮੀ ਤੌਰ 'ਤੇ ਬਿਜਲੀ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪਾਵਰਕੌਮ ਨੂੰ ਇਹ ਤੀਸਰਾ ਮੰਤਰੀ ਮਿਲਿਆ ਹੈ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੰਤਰੀ ਸੋਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਸੂਬੇ ਦੀ ਬਿਜਲੀ ਸਥਿਤੀ ਦਾ ਜਾਇਜ਼ਾ ਲਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਤਰਨਜੀਤ ਸਿੰਘ ਸੋਂਦ ਨੇ ਪੰਜਾਬ ਦੇ ਖਪਤਕਾਰਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਵਧਣ ਵਾਲੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਾਵਰਕੌਮ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਦਾ ਮੁੱਖ ਟੀਚਾ ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਪਾਲਣ ਵਿੱਚ ਕੋਈ ਦਿੱਕਤ ਨਾ ਆਵੇ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਿਰਫ਼ ਖੇਤੀਬਾੜੀ ਹੀ ਨਹੀਂ, ਸਗੋਂ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਵਰਕੌਮ ਵੱਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਤਕਨੀਕੀ ਖਰਾਬੀਆਂ ਨੂੰ ਤੁਰੰਤ ਹੱਲ ਕਰਨ ਲਈ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ। ਕੋਲੇ ਦੇ ਭੰਡਾਰ ਅਤੇ ਬਿਜਲੀ ਖਰੀਦ ਦੇ ਅਗਾਊਂ ਪ੍ਰਬੰਧ ਮੁਕੰਮਲ ਹਨ।
ਮੰਤਰੀ ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਸਸਤੀ ਅਤੇ ਲਗਾਤਾਰ ਬਿਜਲੀ ਦੇਣ ਲਈ ਵਚਨਬੱਧ ਹੈ। ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਿੱਚ ਹੋਣ ਵਾਲੇ ਵਾਧੇ ਨਾਲ ਨਜਿੱਠਣ ਲਈ ਸਾਡੇ ਕੋਲ ਪੁਖ਼ਤਾ ਰੋਡਮੈਪ ਤਿਆਰ ਹੈ।
ਅਹੁਦਾ ਸੰਭਾਲਣ ਵੇਲੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਨਵੇਂ ਮੰਤਰੀ ਪਾਵਰਕੌਮ ਦੀਆਂ ਚੁਣੌਤੀਆਂ ਅਤੇ ਗਰਮੀ ਦੇ ਸੀਜ਼ਨ ਦੌਰਾਨ ਬਿਜਲੀ ਦੀ ਵਧਦੀ ਮੰਗ ਨੂੰ ਕਿਵੇਂ ਕੰਟਰੋਲ ਕਰਦੇ ਹਨ।