ਪਿੰਡ ਸੰਧਾਰਸੀ ਨੇੜੇ ਕੈਂਟਰ ਤੇ ਕਾਰ ਦੀ ਭਿਆਨਕ ਟੱਕਰ: ਪੁਲਿਸ ਮੁਲਾਜ਼ਮ ਸਮੇਤ 2 ਦੀ ਮੌਤ, 1 ਗੰਭੀਰ ਜ਼ਖ਼ਮੀ
ਮ੍ਰਿਤਕਾਂ ਵਿੱਚ ਸ਼ਾਮਲ ਪੁਲਿਸ ਮੁਲਾਜ਼ਮ ਦੀ ਪਛਾਣ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੈਂਟਰ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
Publish Date: Mon, 25 May 2026 10:37 AM (IST)
Updated Date: Mon, 25 May 2026 10:40 AM (IST)
ਕਰਮਵੀਰ ਸਿੰਘ ਮਰਦਾਂਪੁਰ,ਪੰਜਾਬੀ ਜਾਗਰਣ,ਘਨੌਰ: ਹਲਕਾ ਘਨੌਰ ਦੇ ਅਧੀਨ ਆਉਂਦੇ ਪਿੰਡ ਸੰਧਾਰਸੀ ਨੇੜੇ ਅੱਜ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕੈਂਟਰ ਅਤੇ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਸ਼ਿਕਾਰ ਹੋਏ ਵਾਹਨਾਂ ਦੀ ਪਛਾਣ ਕੈਂਟਰ ਨੰਬਰ HR37E-3458 ਅਤੇ ਕਾਰ ਨੰਬਰ HR50C-0500 ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਵਿਅਕਤੀ ਜਦੋਂ ਪਿੰਡ ਸੰਧਾਰਸੀ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਘਟਨਾ ਦੀ ਇਤਲਾਹ ਮਿਲਦੇ ਹੀ ਸਥਾਨਕ ਪੁਲਿਸ ਚੌਕੀ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕਾਂ ਵਿੱਚ ਸ਼ਾਮਲ ਪੁਲਿਸ ਮੁਲਾਜ਼ਮ ਦੀ ਪਛਾਣ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੈਂਟਰ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।