ਸਰਕਾਰ ਨੇ ਹਰ ਵਰਗ ਦੇ ਹੱਕਾਂ ’ਤੇ ਡਾਕਾ ਮਾਰਿਆ : ਰਾਜੂ ਖੰਨਾ
ਸਰਕਾਰ ਨੇ ਹਰ ਵਰਗ ਦੇ ਹੱਕਾਂ ’ਤੇ ਡਾਕਾ ਮਾਰਿਆ : ਰਾਜੂ ਖੰਨਾ
Publish Date: Mon, 11 May 2026 05:55 PM (IST)
Updated Date: Mon, 11 May 2026 05:57 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਮੁਲਾਜ਼ਮ ਵਰਗ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਨੇ ਇਕੱਲੇ ਮੁਲਜ਼ਮਾਂ ਨਾਲ ਹੀ ਵਾਅਦਾ ਖਿਲਾਫੀ ਨਹੀਂ ਕੀਤੀ ਸਗੋਂ ਹਰ ਵਰਗ ਦੇ ਹੱਕਾਂ ’ਤੇ ਡਾਕਾ ਮਾਰ ਕੇ ਆਪਣੀਆਂ ਜੇਬਾਂ ਭਰਨ ਨੂੰ ਤਰਜੀਹ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਸਮੇਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਸੀ ਪਰ ਕਾਂਗਰਸ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਕਾਰਨ ਅੱਜ ਤੱਕ ਇਹ ਸਫਾਈ ਸੇਵਕ ਸੰਘਰਸ਼ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 3 ਸਾਲ ਦਾ ਕੰਟਰੈਕਟ ਕੀਤਾ ਜਾਂਦਾ ਸੀ, ਉੱਥੇ ਮੌਜੂਦਾ ਆਪ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਧੱਕਾ ਕਰਦੇ ਹੋਏ ਇਸ ਸਮੇਂ ਨੂੰ ਵਧਾ ਕੇ 10 ਸਾਲ ਕਰ ਦਿੱਤਾ ਗਿਆ ਹੈ ਜੋ ਕਿ ਸਰਾਸਰ ਨਾਇਨਸਾਫ਼ੀ ਹੈ। ਰਾਜੂ ਖੰਨਾ ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਘੱਟੋ ਘੱਟ 30 ਹਜ਼ਾਰ ਰੁਪਏ ਉਜਰਤ ਨਿਰਧਾਰਿਤ ਕੀਤੀ ਜਾਵੇ। ਉਨ੍ਹਾਂ ਸਫਾਈ ਸੇਵਕਾਂ ਦੇ ਇਸ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਪੂਰ ਸਮਰਥਨ ਦਿੰਦੇ ਹੋਏ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਵੀ ਦਿੱਤਾ।