ਅਮਰੀਕਾ-ਭਾਰਤ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋਵੇਗੀ : ਨਾਗਰਾ
ਅਮਰੀਕਾ-ਭਾਰਤ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋਵੇਗੀ : ਨਾਗਰਾ
Publish Date: Fri, 20 Feb 2026 05:03 PM (IST)
Updated Date: Fri, 20 Feb 2026 05:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਦੀ ਸਖ਼ਤ ਆਲੋਚਨਾ ਕੀਤੀ ਤੇ ਇਸ ਨੂੰ ਦੇਸ਼ ਦੇ ਹਿੱਤਾਂ ਖ਼ਿਲਾਫ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਡੀਲ ਖਾਸ ਤੌਰ ’ਤੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਤ ਹੋ ਸਕਦੀ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਵਿਦੇਸ਼ੀ ਕੰਪਨੀਆਂ ਨੂੰ ਲਾਭ ਮਿਲੇਗਾ ਜਦਕਿ ਦੇਸੀ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਬੇਰੁਖੀ ਖ਼ਿਲਾਫ਼ ਕੋਈ ਢੁੱਕਵੀਂ ਆਵਾਜ਼ ਨਹੀਂ ਉਠਾਈ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਖ਼ਿਲਾਫ਼ ਇਕਜੁੱਟ ਸੰਘਰਸ਼ ਦੀ ਲੋੜ ਹੈ। ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਵਿਚ ਗਵਰਨਰ ਨੂੰ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਸੌਂਪਿਆ ਗਿਆ। ਇਸ ਵਿਚ ਕੇਂਦਰ ਸਰਕਾਰ ਤੋਂ ਅਮਰੀਕਾ-ਭਾਰਤ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਤੇ ਚੇਤਾਵਨੀ ਦਿੱਤੀ ਗਈ ਕਿ ਕਿਸਾਨ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੇਵਾ ਦਲ, ਮਹਿਲਾ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸਸੀ ਸੈੱਲ, ਬੀਸੀ ਸੈੱਲ ਸਮੇਤ ਵੱਖ-ਵੱਖ ਫ਼ਰੰਟਲ ਸੰਗਠਨਾਂ, ਬਲਾਕ ਕਾਂਗਰਸ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।