ਵਿਜੈ ਇੰਦਰ ਸਿੰਗਲਾ ਸਫ਼ਾਈ ਸੇਵਕਾਂ ਦੇ ਧਰਨੇ ’ਚ ਪਹੁੰਚੇ
ਵਿਜੈ ਇੰਦਰ ਸਿੰਗਲਾ ਸਫ਼ਾਈ ਸੇਵਕਾਂ ਦੇ ਧਰਨੇ ‘ਚ ਪਹੁੰਚੇ
Publish Date: Sat, 16 May 2026 05:35 PM (IST)
Updated Date: Sun, 17 May 2026 04:06 AM (IST)

ਕਿਹਾ- ਆਪ ਨੇ ਮਹਿਲਾਵਾਂ ਤੇ ਕਰਮਚਾਰੀਆਂ ਨਾਲ ਕੀਤਾ ਵੱਡਾ ਵਿਸ਼ਵਾਸਘਾਤ ਸਫ਼ਾਈ ਕਰਮਚਾਰੀ ਮੇਰਾ ਪਰਿਵਾਰ, ਹੱਕਾਂ ਲਈ ਹਰ ਲੜਾਈ ਲੜਾਂਗਾ : ਸਿੰਗਲਾ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਸੰਗਰੂਰ ਵਿਚ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਇਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਸ਼ਿਰਕਤ ਕਰਦਿਆਂ ਉਨ੍ਹਾਂ ਦੇ ਅੰਦੋਲਨ ਨੂੰ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਮਿਹਨਤਕਸ਼ ਵਰਗ ਦੇ ਸਬਰ ਦੀ ਹੋਰ ਪਰਖ ਨਾ ਲਈ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦਾ ਬਹੁਤ ਅਹਿਮ ਹਿੱਸਾ ਹਨ, ਜੋ ਹਰ ਰੋਜ਼ ਜ਼ੋਖ਼ਿਮ ਭਰਿਆ ਤੇ ਮੁਸ਼ਕਲ ਕੰਮ ਕਰਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਵੀ ਉਨ੍ਹਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਸੜਕਾਂ ’ਤੇ ਬੈਠ ਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪੂਰੇ ਰਾਜਨੀਤਿਕ ਜੀਵਨ ਦੌਰਾਨ ਉਹ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਸੰਗਰੂਰ ਵਿਚ 29 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਆਰਡਰ ਜਾਰੀ ਹੋਏ ਸਨ, ਪਰ ਮੌਜੂਦਾ ਸਰਕਾਰ ਉਨ੍ਹਾਂ ਆਰਡਰਾਂ ਨੂੰ ਲਾਗੂ ਕਰਨ ਤੇ ਕਰਮਚਾਰੀਆਂ ਦੀਆਂ ਸਰਵਿਸ ਬੁੱਕਾਂ ਤਿਆਰ ਕਰਨ ਵਿਚ ਅਸਫ਼ਲ ਰਹੀ ਹੈ। ਸਿੰਗਲਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਜੋ ਹੁਣ ਸਿਰਫ਼ ਜੁਮਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਕੀਤਾ ਗਿਆ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਕੋਰੋਨਾ ਦੌਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਉਸ ਵੇਲੇ “ਕੋਰੋਨਾ ਵਾਰੀਅਰ” ਕਹਿ ਕੇ ਸਨਮਾਨਿਤ ਕੀਤਾ ਜਾਂਦਾ ਸੀ, ਅੱਜ ਉਹੀ ਕਰਮਚਾਰੀ ਆਪਣੇ ਹੱਕਾਂ ਲਈ ਧੱਕੇ ਖਾਣ ਲਈ ਮਜ਼ਬੂਰ ਹਨ। ਇਸ ਦੌਰਾਨ ਸਿੰਗਲਾ ਨੇ ਸਫ਼ਾਈ ਸੇਵਕਾਂ ਨਾਲ ਜ਼ਮੀਨ ‘ਤੇ ਬੈਠ ਕੇ ਲੰਗਰ ਵੀ ਛਕਿਆ ਅਤੇ ਕਿਹਾ ਕਿ “ਸਫ਼ਾਈ ਸੇਵਕ ਮੇਰਾ ਪਰਿਵਾਰ ਹਨ ਅਤੇ ਮੈਂ ਹਮੇਸ਼ਾ ਉਨ੍ਹਾਂ ਦੇ ਹੱਕਾਂ ਲਈ ਮੋਹਰੀ ਹੋ ਕੇ ਖੜ੍ਹਾਂਗਾ।” ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਇਸ ਦਾ ਨੁਕਸਾਨ ਸਫ਼ਾਈ ਪ੍ਰਬੰਧ ਅਤੇ ਜਨਤਕ ਸਿਹਤ ਨੂੰ ਵੀ ਝੱਲਣਾ ਪਵੇਗਾ।