ਵਿਨਰਜੀਤ ਗੋਲਡੀ ਸਫ਼ਾਈ ਕਾਮਿਆਂ ਦੇ ਹੱਕ ’ਚ ਡਟੇ
ਵਿਨਰਜੀਤ ਗੋਲਡੀ ਸਫ਼ਾਈ ਕਾਮਿਆਂ ਦੇ ਹੱਕ ’ਚ ਡਟੇ
Publish Date: Fri, 08 May 2026 05:21 PM (IST)
Updated Date: Sat, 09 May 2026 04:06 AM (IST)

ਕਿਹਾ- ਕਾਂਗਰਸ ਤੇ ਆਪ ਦਾ ਰਵੱਈਆ ਮੁਲਾਜ਼ਮ ਵਿਰੋਧੀ ਅਦਾਲਤਾਂ ਦੇ ਹੁਕਮਾਂ ਨੂੰ ਨਹੀਂ ਕੀਤਾ ਜਾ ਰਿਹਾ ਲਾਗੂ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਨਗਰ ਕੌਂਸਲ ਸੁਨਾਮ ਦੇ ਸਫ਼ਾਈ ਕਾਮਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਮੁਲਾਕਾਤ ਕਰਕੇ ਮੰਗਾਂ ਦੀ ਹਮਾਇਤ ਕੀਤੀ। ਮਿਊਂਸੀਪਲ ਮੁਲਾਜ਼ਮ ਐਕਸਨ ਕਮੇਟੀ ਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੋੜ ਹੜਤਾਲ ਦੀ ਹਮਾਇਤ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੂੰ ਬਿਨਾਂ ਦੇਰੀ ਮਿਊਂਸੀਪਲ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ 9 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2017 ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਪਰ ਕਾਂਗਰਸ ਪਾਰਟੀ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦਾ ਸਾਢੇ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਇਹਨਾਂ ਮੁਲਾਜ਼ਮਾਂ ਨੂੰ 6 ਹਫ਼ਤਿਆਂ ਦੇ ਅੰਦਰ ਸਰਵਿਸ ਬੁੱਕ ਲਗਾ ਕੇ ਪੱਕੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਜ 7 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਖ਼ਤਮ ਕਰਨਾ ਤੇ ਤਨਖਾਹਾਂ ’ਚ ਵਾਧਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੇ ਹੱਕਾਂ ਲਈ ਸਰਕਾਰ ਖ਼ਿਲਾਫ਼ ਡੱਟ ਕੇ ਲੜਾਈ ਲੜੇਗਾ। ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਵੀ ਬਹਾਲ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਕੌਂਸਲ ਦੇ ਕਰਮਚਾਰੀ ਅਤੇ ਸਫ਼ਾਈ ਸੇਵਕ ਹਾਜ਼ਰ ਸਨ।