ਮਜ਼ਦੂਰ ਕਿਸੇ ਵੀ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ : ਰਾਏ
ਮਜ਼ਦੂਰ ਕਿਸੇ ਵੀ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ : ਕੰਵਰਵੀਰ ਰਾਏ
Publish Date: Fri, 01 May 2026 05:51 PM (IST)
Updated Date: Fri, 01 May 2026 05:53 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਟਰੇਡ ਯੂਨੀਅਨ ਕੌਂਸਲ (ਏਟਕ) ਫਤਹਿਗੜ੍ਹ ਸਾਹਿਬ ਵੱਲੋਂ ਮਜ਼ਦੂਰ ਦਿਵਸ ਸਾਂਝੇ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕੰਵਰਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ 1 ਮਈ ਦਾ ਦਿਨ ਮਿਹਨਤਕਸ਼ ਵਰਗ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਸਨਮਾਨ ਦੇਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਕਿਸੇ ਵੀ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਫੈਕਟਰੀਆਂ, ਖੇਤਾਂ ਅਤੇ ਨਿਰਮਾਣ ਸਥਲਾਂ ’ਤੇ ਆਪਣੀ ਮਿਹਨਤ ਨਾਲ ਸਮਾਜ ਨੂੰ ਅੱਗੇ ਵਧਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮਜ਼ਦੂਰਾਂ ਦੇ ਬੈਠਣ ਲਈ ਜਲਦ ਹੀ ਸ਼ੈੱਡ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਗਰਮੀ ’ਚ ਪ੍ਰੇਸ਼ਾਨ ਨਾ ਹੋਣਾ ਪਵੇ। ਯੂਨੀਅਨ ਆਗੂ ਰਣਦੀਪ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨੂੰ ਹੱਕ ਦਿਵਾਉਣ ਲਈ ਕਈ ਆਗੂ ਸ਼ਹੀਦ ਹੋ ਗਏ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ, ਜਿਸ ਕਾਰਨ ਇਹ ਵਰਗ ਅੱਜ ਵੀ ਸੰਘਰਸ਼ ਕਰ ਰਿਹਾ ਹੈ। ਆਸ਼ਾ ਵਰਕਰਸ ਤੇ ਫੈਸਿਲੀਟੇਟਰ ਯੂਨੀਅਨ (ਨਿਰੋਲ) ਪੰਜਾਬ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਜ਼ਦੂਰ ਵਰਗ ਦਾ ਸ਼ੋਸ਼ਣ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਹਿਜ਼ ਵੋਟਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ, ਹਰਵਿੰਦਰ ਰੌਣੀ, ਇੰਦਰ ਸਿੰਘ, ਜਸਪਾਲ ਸਿੰਘ ਗੜਹੇੜਾ, ਜਸਵਿੰਦਰ ਸਿੰਘ ਅਮਲੋਹ, ਮਲੂਕ ਮਸੀਹ, ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਮਨਜੀਤ ਸ਼ਰਮਾ ਸਮੇਤ ਹੋਰ ਵੀ ਹਾਜ਼ਰ ਸਨ।