- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਸੋ ਅਪਰੇਸ਼ਨ ਦੌਰਾਨ 10 ਐੱਫਆਈਆਰ ਦਰਜ, 21 ਕੀਤੇ ਗ੍ਰਿਫ਼ਤਾਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਨਸ਼ਾ ਤਸਕਰਾਂ ਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਪੰਜ ਸਬ-ਡਿਵੀਜ਼ਨਾਂ ’ਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ, ਤਲਾਸ਼ੀ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਨਾਲ ਸਬੰਧਤ ਮਾਮਲਿਆਂ ’ਚ 10 ਐੱਫਆਈਆਰ ਦਰਜ ਕਰਕੇ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਪਹਿਲਾਂ ਤੋਂ ਮੌਜੂਦ ਜਾਣਕਾਰੀਆਂ ਤੇ ਫੀਡਬੈਕ ਦੇ ਆਧਾਰ ’ਤੇ ਟੀਮਾਂ ਤਿਆਰ ਕਰਕੇ ਨਿਸ਼ਾਨਦੇਹੀ ਕੀਤੇ ਸਥਾਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ, ਖਾਸ ਕਰਕੇ ਨਸ਼ਿਆਂ ਦੀਆਂ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿਚ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵੱਲੋਂ ਪੂਰੀ ਸਖਤੀ ਨਾਲ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।