ਸਟਾਫ ਰਿਪੋਰਟਰ, ਰੂਪਨਗਰ : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਵਾਰ-ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ 28 ਨਵੇਂ ਮਾਮਲੇ ਆਏ ਹਨ, ਜਦਕਿ 9 ਮਰੀਜ਼ ਤੰਦਰੁਸਤ ਹੋਣ ਉਪਰੰਤ ਘਰ ਭੇਜ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ 141381 ਲੋਕਾਂ ਦੇ ਜ਼ਿਲ੍ਹੇ 'ਚ ਕੋਰੋਨਾ ਸੈਂਪਲ ਲਏ ਜਾ ਚੁੱਕੇ ਹਨ ਅਤੇ 136361 ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 2041 ਸੈਂਪਲਾਂ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 3778 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ ਅਤੇ 3456 ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 145 ਕੋਰੋਨਾ ਪਾਜ਼ੇਟਿਵ ਮਾਮਲੇ ਹਨ ਅਤੇ 177 ਲੋਕਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਰੂਪਨਗਰ ਵਿਖੇ 12 ਨਵੇਂ ਕੋਰੋਨਾ ਮਾਮਲੇ, ਮੋਰਿੰਡਾ ਵਿਖੇ 1 ਕੋਰੋਨਾ ਮਾਮਲਾ, ਸ੍ਰੀ ਚਮਕੌਰ ਸਾਹਿਬ ਵਿਖੇ 8, ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਅਤੇ ਨੰਗਲ ਵਿਖੇ 5 ਨਵੇਂ ਕੋਰੋਨਾ ਮਾਮਲੇ ਆਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਮਾਸਕ ਲਾ ਕੇ ਹੀ ਘਰਾਂ ਤੋਂ ਬਾਹਰ ਜਾਣ ਅਤੇ ਸਮਾਜਿਕ ਦੂਰੀ ਵੀ ਬਣਾ ਕੇ ਰੱਖਣ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ।