- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਡਹਿਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਹਸਪਤਾਲ, ਕਿਹਾ- ਨੌਜਵਾਨ ਦੀ ਮੌਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ
ਅਸ਼ੋਕ ਚੇਤਲ, ਪੰਜਾਬੀ ਜਾਗਰਣ,
ਸ੍ਰੀ ਚਮਕੌਰ ਸਾਹਿਬ: ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਡਹਿਰ ’ਚ ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ। 32 ਸਾਲਾ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਅੱਛਰ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਪਿੰਡ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ, ਹਰਵਿੰਦਰ ਸਿੰਘ ਨੇ ਪਿੰਡ ਦੀ ਹੀ ਇਕ ਕਰਿਆਨੇ ਦੀ ਦੁਕਾਨ ਤੋਂ ਨਸ਼ਾ ਖ਼ਰੀਦਿਆ ਸੀ, ਜਿੱਥੇ ਕਥਿਤ ਤੌਰ ’ਤੇ ਸ਼ਰੇਆਮ ਵੱਡੇ ਪੱਧਰ ’ਤੇ ਨਸ਼ਾ ਵੇਚਿਆ ਜਾਂਦਾ ਹੈ। ਨਸ਼ਾ ਲਿਆਉਣ ਤੋਂ ਬਾਅਦ ਉਸ ਨੇ ਘਰ ਦੇ ਬਾਥਰੂਮ ਦੀ ਅੰਦਰੋਂ ਕੁੰਡੀ ਲਗਾ ਕੇ ਟੀਕਾ ਲਗਾਇਆ। ਕਾਫ਼ੀ ਸਮਾਂ ਬੀਤ ਜਾਣ ’ਤੇ ਵੀ ਜਦੋਂ ਉਹ ਬਾਹਰ ਨਾ ਆਇਆ ਤਾਂ ਉਸ ਦੀ ਮਾਤਾ ਨੇ ਚਿੰਤਤ ਹੋ ਕੇ ਦਰਵਾਜ਼ਾ ਖੜਕਾਇਆ। ਜਿਵੇਂ ਹੀ ਹਰਵਿੰਦਰ ਨੇ ਕੁੰਡੀ ਖੋਲ੍ਹ ਕੇ ਬਾਹਰ ਪੈਰ ਰੱਖਿਆ, ਉਹ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਵਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿਚ ਨਸ਼ਾ ਰੋਕਣ ਦੇ ਸਾਰੇ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਦੀਆਂ ਕਰਿਆਨਾ ਦੁਕਾਨਾਂ ਤੱਕ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਤਾਂ ਇਹ ਪੁਲਿਸ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲੇ ਦੁਕਾਨਦਾਰ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾਕਿ ਨੌਜਵਾਨ ਦੀ ਮੌਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।
ਘਟਨਾ ਦੀ ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਸਮਾਜ ਸੇਵੀ ਹਸਪਤਾਲ ’ਚ ਇਕੱਠੇ ਹੋਣੇ ਸ਼ੁਰੂ ਹੋ ਗਏ। ਮੌਕੇ ’ਤੇ ਪੁੱਜੇ ਪ੍ਰਮੁੱਖ ਸਮਾਜ ਸੇਵੀ ਤਾਰਾ ਚੰਦ ਜੰਡ ਸਾਹਿਬ ਨੇ ਕਿਹਾ ਕਿ ਜੇਕਰ ਨਸ਼ਾ ਵੇਚਣ ਵਾਲੇ ਉਕਤ ਦੁਕਾਨਦਾਰ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਇਲਾਕਾ ਨਿਵਾਸੀਆਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਦੂਜੇ ਪਾਸੇ, ਮੌਕੇ ’ਤੇ ਪੁੱਜੇ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਸਬੰਧਤ ਦੁਕਾਨਦਾਰ ਵਿਰੁੱਧ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।