71 ਸਾਲਾ ਲਖਵੀਰ ਸਿੰਘ ਨੇ ਦੋ ਦੌੜਾਂ ’ਚ ਹਾਸਲ ਕੀਤਾ ਪਹਿਲਾ ਸਥਾਨ 71 ਸਾਲਾ ਲਖਵੀਰ ਸਿੰਘ ਨੇ ਦੋ ਦੌੜਾਂ ’ਚ ਹਾਸਲ ਕੀਤਾ ਪਹਿਲਾ ਸਥਾਨ
Publish Date: Fri, 11 Sep 2026 06:38 PM (IST)
Updated Date: Fri, 11 Sep 2026 06:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਅਥਲੈਟਿਕਸ ਮੁਕਾਬਲਿਆਂ ਦੌਰਾਨ 70 ਸਾਲ ਤੋਂ ਉੱਪਰ ਉਮਰ ਵਰਗ ਵਿਚ ਪਿੰਡ ਚੌਂਤਾ ਕਲਾਂ ਦੇ 71 ਸਾਲਾ ਲਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਅਤੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ 100 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਦੌੜ 16 ਸੈਕਿੰਡ ਵਿਚ ਪੂਰੀ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 400 ਮੀਟਰ ਦੌੜ ਵਿਚ ਵੀ ਉਨ੍ਹਾਂ ਨੇ ਆਪਣੀ ਗਤੀ ਅਤੇ ਜੋਸ਼ ਦਾ ਪ੍ਰਦਰਸ਼ਨ ਕਰਦਿਆਂ 1 ਮਿੰਟ 34 ਸੈਕਿੰਡ ਵਿਚ ਦੌੜ ਪੂਰੀ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਸਰੀਰਕ ਮਿਹਨਤ ਦੇ ਨਾਲ-ਨਾਲ ਘਰ ਦੇ ਬਣੇ ਭੋਜਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਸਰਗਰਮ ਜੀਵਨ ਲਈ ਖਾਣ-ਪੀਣ ਦੀਆਂ ਆਦਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਅਤੇ ਸਰੀਰਕ ਤੌਰ ’ਤੇ ਸਰਗਰਮ ਰਹਿਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਫਾਸਟ ਫੂਡ ਤੋਂ ਪਰਹੇਜ਼ ਕਰਨ ਅਤੇ ਘਰ ਦੇ ਬਣੇ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।