ਸਟਾਫ ਰਿਪੋਰਟਰ, ਰੂਪਨਗਰ : ਰੋਪੜ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਸਿਹਤ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਨਿਪਟਣ ਲਈ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਾਲ ਮਾਸਕ ਵੀ ਮੁਫਤ ਵੰਡੇ ਜਾ ਰਹੇ ਹਨ। ਕੋਰੋਨਾ ਪੀੜਤਾਂ ਦੀ ਲਗਾਤਾਰ ਮੌਤਾਂ ਹੋਣ ਨਾਲ ਜ਼ਿਲ੍ਹੇ 'ਚ ਹੁਣ ਤਕ 144 ਮੌਤਾਂ ਹੋ ਚੁੱਕੀਆਂ ਹਨ ਅਤੇ ਕੇਂਦਰ ਸਰਕਾਰ ਦੇ ਅੰਕੜੇ ਅਨੁਸਾਰ ਰੋਪੜ ਜ਼ਿਲ੍ਹਾ ਪਿਛਲੇ ਦਿਨ ਦੇਸ਼ ਭਰ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਮੌਤ ਦਰ ਸਭ ਤੋਂ ਵੱਧ ਰਹੀ ਹੈ। ਅੱਜ ਵੀ ਰੋਪੜ ਜ਼ਿਲ੍ਹੇ 'ਚ ਕੋਰੋਨਾ ਪੀੜਤ 4 ਮਰੀਜ਼ਾਂ ਦੀ ਮੌਤ ਹੋ ਗਈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਹਨ, ਜਦੋਂ ਕਿ 13 ਮਰੀਜ਼ ਤੰਦਰੁਸਤ ਹੋ ਗਏ। ਹੁਣ ਤਕ ਕੋਰੋਨਾ ਐਕਟਿਵ ਮਰੀਜ਼ 166 ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਅੱਜ ਰੋਪੜ ਵਿਖੇ 1 ਨਵਾਂ ਮਰੀਜ਼, ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਨਵੇਂ ਮਰੀਜ਼, ਨੰਗਲ ਵਿਖੇ 1 ਮਰੀਜ਼, ਮੋਰਿੰਡਾ ਵਿਖੇ 1, ਸ੍ਰੀ ਚਮਕੌਰ ਸਾਹਿਬ ਵਿਖੇ 1 ਮਰੀਜ਼ ਆਇਆ ਹੈ। ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ ਕੁੱਲ 2776 ਕੋਰੋਨਾ ਪਾਜ਼ੇਟਿਵ ਮਰੀਜ਼ ਆ ਚੁੱਕੇ ਹਨ ਅਤੇ 2470 ਮਰੀਜ਼ ਹੁਣ ਤਕ ਠੀਕ ਹੋ ਚੁੱਕੇ ਹਨ ਜ਼ਿਲ੍ਹੇ ਵਿਚ ਹੁਣ ਤਕ 140 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਲਗਾ ਕੇ ਘਰ ਤੋਂ ਬਾਹਰ ਜਾਣ ਅਤੇ ਸਮਾਜਿਕ ਦੂਰੀ ਰੱਖਣ ਦੀਆਂ ਵਾਰ-ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ।

-----------------

1369 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ

ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ ਕੁੱਲ 74015 ਸੈਂਪਲ ਲਏ ਗਏ ਹਨ, ਜਿਸ 'ਚੋਂ 70542 ਨੈਗਟਿਵ ਆਏ ਹਨ, ਜਦੋਂ ਕਿ 1369 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਡੀਸੀ ਸੋਨਾਲੀ ਗਿਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਦੀ ਹਦਾਇਤਾਂ ਦਾ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਜਾਣ।