ਰੂਪਨਗਰ ਹਲਕੇ ਲਈ ਆਪ ਸਰਕਾਰ ਦਾ ਵੱਡਾ ਤੋਹਫ਼ਾ: 150 ਤੋਂ ਵੱਧ ਖੇਡ ਮੈਦਾਨ ਤਿਆਰ ਰੂਪਨਗਰ ਹਲਕੇ ਲਈ ਆਪ ਸਰਕਾਰ ਦਾ ਵੱਡਾ ਤੋਹਫ਼ਾ: 150 ਤੋਂ ਵੱਧ ਖੇਡ ਮੈਦਾਨ ਤਿਆਰ
Publish Date: Fri, 14 Aug 2026 04:47 PM (IST)
Updated Date: Fri, 14 Aug 2026 04:47 PM (IST)
ਨੌਜਵਾਨਾਂ ਨੂੰ ਉਸਾਰੂ ਦਿਸ਼ਾ ਦੇਣ ਅਞ ਖੇਡਾਂ ਨੂੰ ਬਣਾਇਆ ਜਾ ਰਿਹਾ ਹੈ ਆਧਾਰ:ਵਿਧਾਇਕ ਚੱਢਾ, ਲਾਲਪੁਰਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਰੂਪਨਗ ਵਿਖੇ ਪੰਜਾਬ ਦਾ ਯੂਥ ਆਪ ਦੇ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਸ੍ਰੀ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੂਥ ਪ੍ਰਧਾਨ ਰੂਪਨਗਰ ਸ੍ਰੀ ਚੇਤਨ ਕਾਲੀਆ ਸਮੇਤ ਪਾਰਟੀ ਦੇ ਆਗੂ ਅਤੇ ਨੌਜਵਾਨ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਉਨ੍ਹਾਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਲੋੜਾਂ, ਸੁਝਾਵਾਂ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਹਲਕੇ ਵਿਚ 150 ਤੋਂ ਵੱਧ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਤਿਆਰ ਹੋਣਾ ਨੌਜਵਾਨਾਂ ਪ੍ਰਤੀ ਪੰਜਾਬ ਸਰਕਾਰ ਦੀ ਗੰਭੀਰ ਸੋਚ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਦੇ ਹੱਥਾਂ ਵਿਚ ਖੇਡਾਂ ਦਾ ਸਾਮਾਨ ਅਤੇ ਪੈਰਾਂ ਹੇਠਾਂ ਖੇਡ ਮੈਦਾਨ ਹੋਣਗੇ ਤਾਂ ਨਸ਼ਿਆਂ ਅਤੇ ਹੋਰ ਮਾੜੀਆਂ ਗਤੀਵਿਧੀਆਂ ਲਈ ਥਾਂ ਆਪਣੇ ਆਪ ਘਟੇਗੀ। ਉਨ੍ਹਾਂ ਕਿਹਾ ਕਿ ਰੂਪਨਗਰ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਤਿਆਰ ਕੀਤੇ ਜਾ ਰਹੇ ਖੇਡ ਬੁਨਿਆਦੀ ਢਾਂਚੇ ਦਾ ਸਿੱਧਾ ਲਾਭ ਸਥਾਨਕ ਨੌਜਵਾਨਾਂ ਨੂੰ ਮਿਲ ਰਿਹਾ ਹੈ। ਖੇਡਾਂ ਨੂੰ ਸਿਰਫ਼ ਮਨੋਰੰਜਨ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਦਾ ਮਜ਼ਬੂਤ ਸਾਧਨ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦਾ ਯੂਥ ਆਪ ਦੇ ਨਾਲ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨਾਲ ਸਿੱਧਾ ਜੁੜਨ ਅਤੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਦਾ ਭਾਈਵਾਲ ਬਣਾਉਣ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਾਕਤ ਇਸ ਦੇ ਨੌਜਵਾਨ ਹਨ ਅਤੇ ਸਰਕਾਰ ਨੌਜਵਾਨਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਿਰਫ਼ ਨਸ਼ਾ ਵਿਰੋਧੀ ਮੁਹਿੰਮਾਂ ਹੀ ਨਹੀਂ, ਬਲਕਿ ਨੌਜਵਾਨਾਂ ਨੂੰ ਬਦਲਵਾਂ ਅਤੇ ਸਕਾਰਾਤਮਕ ਮੌਕੇ ਦੇਣਾ ਵੀ ਓਨਾ ਹੀ ਜ਼ਰੂਰੀ ਹੈ। ਇਸੇ ਸੋਚ ਤਹਿਤ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦਾ ਨੌਜਵਾਨ ਨਸ਼ੇ ਦੀ ਥਾਂ ਖੇਡਾਂ ਨੂੰ, ਨਿਰਾਸ਼ਾ ਦੀ ਥਾਂ ਮਿਹਨਤ ਨੂੰ ਅਤੇ ਗਲਤ ਸੰਗਤ ਦੀ ਥਾਂ ਆਪਣੇ ਸੁਨਹਿਰੇ ਭਵਿੱਖ ਨੂੰ ਚੁਣੇ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਖੇਡ ਸਹੂਲਤਾਂ ਦਾ ਵਿਕਾਸ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਖੇਡਾਂ ਨੂੰ ਹੁਣ ਸਿਰਫ਼ ਮੁਕਾਬਲੇ ਨਹੀਂ, ਸਗੋਂ ਨੌਜਵਾਨਾਂ ਦੇ ਭਵਿੱਖ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਰੂਪਨਗਰ ਚੇਤਨ ਕਾਲੀਆ ਨੇ ਕਿਹਾ ਕਿ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣਨਾ ਇਸ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਤੋਂ ਬਿਨਾਂ ਪੰਜਾਬ ਦੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਵਿਚ ਸਰਗਰਮ ਭਾਈਵਾਲ ਬਣਾਉਣ ਲਈ ਅਜਿਹੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ। ਇਸ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਖੇਡਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਦਾ ਮਕਸਦ ਇੱਕ ਅਜਿਹੇ ‘ਰੰਗਲੇ ਪੰਜਾਬ’ ਦੀ ਨੀਂਹ ਮਜ਼ਬੂਤ ਕਰਨਾ ਹੈ, ਜਿੱਥੇ ਨੌਜਵਾਨ ਨਸ਼ਿਆਂ ਦੀ ਬਜਾਏ ਖੇਡ ਮੈਦਾਨਾਂ ਵਿਚ ਨਜ਼ਰ ਆਉਣ, ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਦੇਸ਼-ਦੁਨੀਆ ਵਿਚ ਪੰਜਾਬ ਦਾ ਨਾਮ ਰੌਸ਼ਨ ਕਰਨ।