ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਵਿਰਾਸਤ-ਏ-ਖਾਲਸਾ ’ਚ ਅਹਿਮ ਮੀਟਿੰਗ ਅੱਜ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਵੇਗੀ ਅਹਿਮ ਮੀਟਿੰਗ
Publish Date: Tue, 15 Sep 2026 04:44 PM (IST)
Updated Date: Wed, 16 Sep 2026 04:03 AM (IST)
ਪਿੰਡਾਂ ’ਤੇ ਵਾਰਡਾਂ ਵਿੱਚ ਚੱਲ ਰਹੇ ਕੰਮਾਂ ਦੀ ਹੋਵੇਗੀ ਸਮੀਖਿਆ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਨਸ਼ੇ ਦੀ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਇਹ ਮੀਟਿੰਗ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੀਟਿੰਗ 16 ਸਤੰਬਰ ਨੂੰ ਸਵੇਰੇ 10:00 ਵਜੇ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਮੌਕੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ 20 ਸਤੰਬਰ 2026 ਤੋਂ ਪਿੰਡਾਂ/ਵਾਰਡਾਂ ਵਿੱਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਜ਼ਿਲ੍ਹਾ ਕੋਆਰਡੀਨੇਟਰ, ਵਾਈਸ ਜ਼ਿਲ੍ਹਾ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ, ਵਾਰਡ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਸਮੇਤ ਸਮੂਹ ਪਿੰਡਾਂ ਅਤੇ ਵਾਰਡਾਂ ਦੀਆਂ ਕਮੇਟੀਆਂ ਦੇ ਕਨਵੀਨਰ, ਐਕਟਿਵ ਪ੍ਰਧਾਨ ਅਤੇ ਮੈਡੀਕਲ ਬੁਲਾਰੇ ਸ਼ਾਮਲ ਹੋਣਗੇ। ਇਸ ਦੌਰਾਨ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣਾਈਆਂ ਗਈਆਂ ਵਿਲੇਜ ਡੀਫੈਂਸ ਕਮੇਟੀਆਂ ਅਤੇ ਵਾਰਡ ਡੀਫੈਂਸ ਕਮੇਟੀਆਂ ਰਾਹੀਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਮੀਟਿੰਗ ਵਿੱਚ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਣਗੇ।