ਰਣਜੀਤਗੜ੍ਹ ਕਲੋਨੀ ’ਚ ਕੀਤਾ ਗਿਆ ਡੇਂਗੂ ਸਰਵੇਖਣ ਰਣਜੀਤਗੜ੍ਹ ਕਲੋਨੀ ਸ੍ਰੀ ਚਮਕੌਰ ਸਾਹਿਬ ਵਿਖੇ ਡੇਂਗੂ ਸਰਵੇਖਣ ਕੀਤਾ ਗਿਆ
Publish Date: Tue, 13 Oct 2026 03:32 PM (IST)
Updated Date: Tue, 13 Oct 2026 03:35 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਸਿਹਤ ਵਿਭਾਗ ਵੱਲੋਂ ਰਣਜੀਤਗੜ੍ਹ ਕਲੋਨੀ ਸ੍ਰੀ ਚਮਕੌਰ ਸਾਹਿਬ ਵਿਖੇ ਡੇਂਗੂ ਦੀ ਰੋਕਥਾਮ ਲਈ ਸਰਵੇਖਣ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਡੇਂਗੂ ਬਿਮਾਰੀ ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਆਮ ਤੌਰ ’ਤੇ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ, ਪੁਰਾਣੇ ਟਾਇਰਾਂ, ਖਾਲੀ ਬਰਤਨਾਂ ਅਤੇ ਛੱਤਾਂ ਉੱਤੇ ਪਏ ਸਮਾਨ ਵਿਚ ਜਮ੍ਹਾਂ ਪਾਣੀ ਡੇਂਗੂ ਦੇ ਮੱਛਰ ਦੇ ਲਾਰਵੇ ਦੇ ਪੈਦਾ ਹੋਣ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਹਫ਼ਤੇ ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਮੱਛਰਾਂ ਤੋਂ ਬਚਣ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ। ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਜਾਲੀਆਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ ਜਾਂ ਚਮੜੀ ’ਤੇ ਧੱਫੜ ਡੇਂਗੂ ਦੇ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਸਿਹਤ ਵਿਭਾਗ ਵੱਲੋਂ ਲਾਰਵੇਸਾਈਡ ਦਵਾਈ ਦਾ ਸਪਰੇਅ ਵੀ ਕੀਤਾ ਗਿਆ। ਇਸ ਮੌਕੇ ਤੇ ਹੈਲਥ ਸੁਪਰਵਾਈਜ਼ਰ ਨਾਗਰ ਸਿੰਘ,ਕੁਲਵੀਰ ਸਿੰਘ,ਹੈਲਥ ਵਰਕਰ ਗੁਰਦੀਪ ਸਿੰਘ,ਪਰਮਜੀਤ ਸਿੰਘ ਅਤੇ ਸ਼ਰਮਪ੍ਰੀਤ ਖਾਨ ਬ੍ਰੀਡ ਚੈਕਰ ਹਾਜ਼ਰ ਸਨ।