ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Mon, 23 Nov 2026 06:45 PM (IST)
Updated Date: Mon, 23 Nov 2026 06:46 PM (IST)
ਪੁਸ਼ਪਿੰਦਰ ਗੋਲੀਆ, ਪੰਜਾਬੀ ਜਾਗਰਣ, ਘਨੌਲੀ : ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਮੁਹੱਲਿਆਂ ਤੇ ਪਿੰਡਾਂ ’ਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਸ਼ਰਧਾ ਭਾਵਨਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਹਿਰਾ ਮੁਹੱਲਾ, ਗੋਲੀਆਂ ਮੁਹੱਲਾ ਚੌਕ, ਥਲੀ ਖੁਰਦ, ਖਿਦਰਾਬਾਦੀਆ ਮੁਹੱਲਾ, ਪ੍ਰਜਾਪਤ ਮੁਹੱਲਾ, ਬੇਗਮਪੁਰਾ, ਘਨੌਲੀ ਬਾਜ਼ਾਰ ਤੇ ਦਸ਼ਮੇਸ਼ ਨਗਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਮੀਰੀ-ਪੀਰੀ ਗੱਤਕਾ ਅਖਾੜਾ ਘਨੌਲੀ ਦੇ ਨੌਜਵਾਨਾਂ ਵੱਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਗੱਤਕੇ ਦੇ ਜੌਹਰ ਦਿਖਾਏ ਗਏ। ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਦੇ ਵਿਦਿਆਰਥੀਆਂ ਤੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਵੱਖ-ਵੱਖ ਪਿੰਡਾਂ ਤੇ ਮੁਹੱਲਿਆਂ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਚਾਹ-ਪਾਣੀ ਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ, ਖਜ਼ਾਨਚੀ ਦਵਿੰਦਰ ਸਿੰਘ, ਜਰਨੈਲ ਸਿੰਘ, ਰਾਮ ਆਸਰਾ ਸਿੰਘ, ਸੁਖਦੇਵ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਕਮਲਜੀਤ ਸਿੰਘ ਪਾਬਲਾ, ਗੁਰਮੁਖ ਸਿੰਘ ਕੈਨੇਡਾ, ਰਜਿੰਦਰ ਸਿੰਘ ਗੋਗਾ, ਗਿਆਨੀ ਅਜੈਬ ਸਿੰਘ, ਸੁਰਜੀਤ ਸਿੰਘ, ਭਾਗ ਸਿੰਘ, ਸੁਲੱਖਣ ਸਿੰਘ, ਗੁਰਚਰਨ ਸਿੰਘ ਤੇ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।